ਕਿਸਾਨ ਅੰਦੋਲਨ: ਰਾਜਪਾਲ ਨੇ ਗੱਲਬਾਤ ਦਾ ਸੱਦਾ ਦਿੱਤਾ
ਦਰਸ਼ਨ ਸਿੰਘ ਸੋਢੀ
ਮੁਹਾਲੀ, 27 ਨਵੰਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਦਿੱਤੇ ਜਾ ਰਹੇ ਧਰਨੇ ਦੇ ਦੂਜੇ ਦਿਨ ਸੋਮਵਾਰ ਨੂੰ ਕਿਸਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਿੱਖਿਆ ਬੋਰਡ ਕੇਂਦਰੀ ਟਰੇਡ ਯੂਨੀਅਨਾਂ\\ਫੈਡਰੇਸ਼ਨਾਂ ਦੇ ਨੁਮਾਇੰਦਿਆਂ ਨੇ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਉਧਰ, ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਰਾਹੀਂ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੂੰ ਭਲਕੇ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਸੱਦਾ ਭੇਜਿਆ ਗਿਆ ਹੈ। ਮੋਰਚੇ ਨੇ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਹਾਲੇ ਤੱਕ ਕੋਈ ਹੁੰਗਾਰਾ ਨਾ ਭਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦੀ ਚੁੱਪੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ ਰਾਜਪਾਲ ਨੂੰ ਮਿਲਣ ਮਗਰੋਂ ਫੌਰੀ ਮੀਟਿੰਗ ਸੱਦ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਰਹੀ। ਜਗਤਪੁਰਾ ਬਾਈਪਾਸ ’ਤੇ ਖੜ੍ਹੀਆਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦਿੱਲੀ ਮੋਰਚੇ ਦੀ ਯਾਦ ਤਾਜ਼ਾ ਕਰਵਾ ਰਹੀਆਂ ਹਨ। ਕਿਸਾਨਾਂ ਨੇ ਅੱਜ ਸਵੇਰੇ ਧਰਨੇ ਵਾਲੀ ਥਾਂ ’ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਇਆ।