ਮੁਹਾਲੀ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 2 ਅਪਰੈਲ
ਮੁਹਾਲੀ ਪੁਲੀਸ ਨੇ ਨਵਾਂ ਗਾਉਂ ਵਿੱਚ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਡੀਐੱਸਪੀ (ਸਿਟੀ-1) ਮੋਹਿਤ ਅਗਰਵਾਲ ਨੇ ਦੱਸਿਆ ਕਿ ਬੀਤੀ 29 ਮਾਰਚ ਨੂੰ ਨਵਾਂ ਗਾਉਂ ਖੇਤਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ਵਿੱਚ ਮਿਲੀ ਸੀ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਸ ਨੂੰ ਚਾਕੂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਸੀ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਾ ਪਰਚਾ ਦਰਜ ਕਰਕੇ ਐੱਸਪੀ ਸ਼ਹਿਰੀ ਹਰਵੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਡੀਐੱਸਪੀ ਅਗਰਵਾਲ ਨੇ ਦੱਸਿਆ ਕਿ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਆਸ਼ੀਸ਼ ਕੁਮਾਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਆਕਾਸ਼ ਉਰਫ਼ ਪਚੀਸੀਆ ਵਾਸੀ ਪਿੰਡ ਭਵੀਸਿਆ ਜ਼ਿਲ੍ਹਾ ਸ਼ਾਮਲੀ ਯੂਪੀ ਅਤੇ ਕਰਨ ਸਿੰਘ ਵਾਸੀ ਸਫੇਦਾ ਕਲੋਨੀ ਨਵਾਂ ਗਾਉਂ (ਮੁਹਾਲੀ) ਨੂੰ ਗ੍ਰਿਫ਼ਤਾਰ ਕੀਤਾ ਹੈ।