ਮਨੀ ਲਾਂਡਰਿੰਗ: ਸਰਨਾ ਨੇ ਜਥੇਦਾਰ ਨੂੰ ਪੱਤਰ ਸੌਂਪ ਕੇ ਸਿਰਸਾ ਖ਼ਿਲਾਫ਼ ਕਾਰਵਾਈ ਮੰਗੀ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਨਵੰਬਰ
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਸੌਂਪ ਕੇ ਦਿੱਲੀ ਕਮੇਟੀ ਵਿੱਚ ਮਨੀ ਲਾਂਡਰਿੰਗ ਘਪਲੇ ਦਾ ਦੋਸ਼ ਲਾਉਂਦਿਆਂ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਦਾਰ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਨਾ ਨੇ ਸਾਬਕਾ ਪ੍ਰਧਾਨ ਸਿਰਸਾ ’ਤੇ ਵਿੱਤੀ ਘੁਟਾਲੇ ਲਈ ਦਿੱਲੀ ਕਮੇਟੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ। ਉਨ੍ਹਾਂ ਕਿਹਾ ਕਿ ਵਿੱਤੀ ਅਪਰਾਧ ਨਾਲ ਜੁੜੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜ਼ਰੂਰੀ ਹੈ। ਉਨ੍ਹਾਂ ਨੇ ਜਥੇਦਾਰ ਤੋਂ ਜਾਂਚ ਮਗਰੋਂ ਸਿੱਖ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਉਨ੍ਹਾਂ ਇਸ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੀ ਸੁਤੰਤਰ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਿੱਲੀ ਕਮੇਟੀ ਦੇ ਚਾਰਟਡ ਅਕਾਊਂਟੈਂਟ ’ਤੇ ਵੀ ਇਸ ਮਾਮਲੇ ਦੀ ਰਿਪੋਰਟ ਨੂੰ ਦਬਾਉਣ ਦੇ ਦੋਸ਼ ਲਾਏ।
ਸਿਰਸਾ ਨੇ ਦੋਸ਼ ਨਕਾਰੇ
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਰਮਜੀਤ ਸਿੰਘ ਸਰਨਾ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਸ਼ਾਂ ਬਾਰੇ ਜੇ ਕੋਈ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿਰਫ ਆਪਣੀ ਚੌਧਰ ਚਮਕਾਉਣ ਲਈ ਬੇਬੁਨਿਆਦ ਤੇ ਬੇਲੋੜੇ ਦੋਸ਼ ਲਾ ਰਹੇ ਹਨ।