ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਸਤੰਬਰ ਤੋਂ
ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ
ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸੱਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ’ਤੇ ਅੱਜ ਆਪਣੀ ਪਹਿਲੀ ਸਹੀ ਪਾਈ ਹੈ। ਤਿੰਨ ਰੋਜ਼ਾ ਮੌਨਸੂਨ ਸੈਸ਼ਨ 2 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਪੰਜਾਬ ਕੈਬਨਿਟ ਨੇ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸੱਦਣ ’ਤੇ ਮੋਹਰ ਲਾਈ ਸੀ। ਮੌਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਕਈ ਅਹਿਮ ਬਿੱਲ ਆ ਰਹੇ ਹਨ ਜਿਸ ’ਚ ‘ਪੰਜਾਬ ਪੰਚਾਇਤੀ ਰਾਜ ਰੂਲਜ਼ 1994’ ਦੀ ਧਾਰਾ 12 ਵਿੱਚ ਵੀ ਸੋਧ ਕਰਨ ਵਾਸਤੇ ਬਿੱਲ ਲਿਆਂਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਨੇ ਵੀ ਮੌਨਸੂਨ ਸੈਸ਼ਨ ਲਈ ਤਿਆਰੀ ਖਿੱਚਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਪੁਰਾਣੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬਜਟ ਸੈਸ਼ਨ ਨੂੰ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਬਜਟ ਸੈਸ਼ਨ ਸੱਦਿਆ ਗਿਆ ਸੀ। ਨਵੇਂ ਰਾਜਪਾਲ ਨੇ ਅੱਜ ਪ੍ਰਵਾਨਗੀ ਦੇ ਕੇ ਆਪਣੀ ਮਨਸ਼ਾ ਜ਼ਾਹਿਰ ਕਰ ਦਿੱਤੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਿਛਲੇ ਦਿਨੀਂ ਵੱਖ ਵੱਖ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ ਸੱਦ ਕੇ ਨਵੀਂ ਪਿਰਤ ਪਾ ਦਿੱਤੀ ਸੀ ਅਤੇ ਉਸ ਤੋਂ ਪਹਿਲਾਂ ਰਾਜਪਾਲ ਨੇ ਇਹ ਵੀ ਕਿਹਾ ਸੀ ਕਿ ਉਹ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਵੀ ਕਰਨਗੇ।