ਪ੍ਰਭਾਵਿਤ ਪਿੰਡਾਂ ’ਚ 24 ਤੋਂ ਵੱਧ ਟੀਮਾਂ ਤਾਇਨਾਤ
ਪੱਤਰ ਪ੍ਰੇਰਕ
ਜਲੰਧਰ, 12 ਜੁਲਾਈ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ 24 ਤੋਂ ਵੱਧ ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੈਂਪ ਲਾ ਕੇ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਪੀੜਤ ਲੋਕਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਹੁਣ ਤੱਕ 377 ਮਰੀਜ਼ਾਂ ਦੀ ਸਿਹਤ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜੋ ਆਮ ਤੌਰ ’ਤੇ ਖੜ੍ਹੇ ਪਾਣੀ ਕਾਰਨ ਪੈਦਾ ਹੁੰਦੀਆਂ ਹਨ। ਇਸੇ ਤਰ੍ਹਾਂ, ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਮੋਬਾਈਲ ਮੈਡੀਕਲ ਯੂਨਿਟ ਐਂਬੂਲੈਂਸ ਸਥਾਈ ਤੌਰ ’ਤੇ ਲੋਹੀਆਂ ਵਿੱਚ ਰਾਹਤ ਕੈਂਪ ਵਾਲੀ ਥਾਂ ’ਤੇ ਤਾਇਨਾਤ ਕੀਤੀ ਗਈ ਹੈ, ਜੋ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ।
ਹੁਣ ਤੱਕ 320 ਲੋਕ ਬਚਾਏ ਗਏ: ਡੀਸੀ
ਜਲੰਧਰ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਬਚਾਅ ਕਾਰਜਾਂ ਦੌਰਾਨ 320 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਏ ਗਏ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੀ ਸਥਿਤੀ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਚਾਏ ਗਏ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੂਰੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਬਚਾਅ ਕਾਰਜਾਂ ਦੇ ਸੁਚਾਰੂ ਸੰਚਾਲਨ ਲਈ ਅਧਿਕਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਟੇ ਹੋਏ ਹਨ। -ਪੱਤਰ ਪ੍ਰੇਰਕ