ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਹਜ਼ਾਰ ਤੋਂ ਵੱਧ ਕੇਸ ਦਰਜ
ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 1,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਪੁਲੀਸ ਅਧਿਕਾਰੀ ਨੇ ਕਿਹਾ ਕਿ 7 ਜਨਵਰੀ ਤੋਂ 3 ਫਰਵਰੀ ਵਿਚਕਾਰ, ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ 1,076 ਕੇਸ ਦਰਜ ਕੀਤੇ ਗਏ ਹਨ। ਦਿੱਲੀ ਪੁਲੀਸ ਨੇ ਇਸ ਸਮੇਂ ਦੌਰਾਨ 11,36,55,697 ਰੁਪਏ ਨਕਦ ਅਤੇ 0.850 ਕਿਲੋ ਸੋਨਾ ਅਤੇ 37.39 ਕਿਲੋ ਚਾਂਦੀ ਬਰਾਮਦ ਕੀਤੀ ਹੈ। ਦਿੱਲੀ ਪੁਲੀਸ ਨੇ ਕਿਹਾ ਕਿ 7 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਮਗਰੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 1,000 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਵੋਟਰਾਂ ਨੂੰ ਤੋਹਫ਼ੇ ਵੰਡਣ, ਗਲਤ ਜਾਣਕਾਰੀ ਫੈਲਾਉਣ, ਕੁੱਟਮਾਰ ਆਦਿ ਸਣੇ ਕਈ ਦੋਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ। ਇਸ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਸੰਬਧੀ ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ 34,250 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 491 ਲੋਕਾਂ ਨੂੰ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਕਥਿਤ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 469 ਗੈਰ-ਲਾਇਸੈਂਸੀ ਹਥਿਆਰ ਅਤੇ 513 ਕਾਰਤੂਸ ਬਰਾਮਦ ਕੀਤੇ ਗਏ। ਇਸ ਦੌਰਾਨ ਘੱਟੋ-ਘੱਟ 1,381 ਲੋਕਾਂ ਨੂੰ 1,10,093 ਲਿਟਰ ਗੈਰ-ਕਾਨੂੰਨੀ ਸ਼ਰਾਬ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲਿਆਂ ਵਿੱਚ 177 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 77.9 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ 196 ਕਿਲੋਗ੍ਰਾਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ 1,200 ਟੀਕੇ ਜ਼ਬਤ ਕੀਤੇ ਗਏ ਹਨ। ਪੁਲੀਸ ਨੇ ਇਸ ਸਮੇਂ ਦੌਰਾਨ 11,36,55,697 ਰੁਪਏ ਦੀ ਨਕਦੀ ਅਤੇ 0.850 ਕਿਲੋ ਸੋਨਾ ਅਤੇ 37.39 ਕਿਲੋ ਚਾਂਦੀ ਵੀ ਬਰਾਮਦ ਕੀਤੀ ਹੈ।