For the best experience, open
https://m.punjabitribuneonline.com
on your mobile browser.
Advertisement

ਅੱਧੀ ਦਰਜਨ ਤੋਂ ਵੱਧ ਪਿੰਡਾਂ ਨੂੰ ਸਿੰਜਾਈ ਲਈ ਜਲਦ ਮਿਲੇਗਾ ਟਰੀਟਮੈਂਟ ਪਲਾਂਟ ਦਾ ਸੋਧਿਆ ਪਾਣੀ

10:22 AM Aug 05, 2024 IST
ਅੱਧੀ ਦਰਜਨ ਤੋਂ ਵੱਧ ਪਿੰਡਾਂ ਨੂੰ ਸਿੰਜਾਈ ਲਈ ਜਲਦ ਮਿਲੇਗਾ ਟਰੀਟਮੈਂਟ ਪਲਾਂਟ ਦਾ ਸੋਧਿਆ ਪਾਣੀ
ਪਾਈਪ ਲਾਈਨ ਦਾ ਜਾਇਜ਼ਾ ਲੈਂਦੇ ਹੋਏ ਭੂਮੀ ਸੰਭਾਲ ਅਫ਼ਸਰ ਜਲੰਧਰ ਇੰਜ. ਲੁਪਿੰਦਰ ਕੁਮਾਰ ਤੇ ਬਾਬਾ ਬਲਦੇਵ ਕ੍ਰਿਸ਼ਨ ਸਿੰਘ ਤੇ ਹੋਰ ਅਧਿਕਾਰੀ। ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪਾਲ ਸਿੰਘ ਨੌਲੀ
ਜਲੰਧਰ, 4 ਅਗਸਤ
ਜ਼ਿਲ੍ਹੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਖੇਤੀ ਜ਼ਮੀਨ ਦੀ ਸਿੰਜਾਈ ਲਈ ਬਸਤੀ ਪੀਰਦਾਦ ਵਿੱਚ ਸਥਾਪਤ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਜਲਦ ਸੋਧਿਆ ਹੋਇਆ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 7.10 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਦੇ ਮੁਕੰਮਲ ਹੋਣ ਨਾਲ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ 550 ਹੈਕਟੇਅਰ ਦੇ ਕਰੀਬ ਖੇਤੀ ਜ਼ਮੀਨ ਨੂੰ ਸਿੰਜਾਈ ਲਈ ਸੋਧੇ ਹੋਏ ਪਾਣੀ ਦੀ ਸਹੂਲਤ ਮਿਲੇਗੀ।
ਜਲੰਧਰ ਸਮਾਰਟ ਸਿਟੀ ਤਹਿਤ ਇਸ ਪ੍ਰਾਜੈਕਟ ਨੂੰ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਡਿਪੋਜ਼ਿਟ ਕਾਰਜ ਵਜੋਂ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਕੁੱਲ 20 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਪਾਈ ਜਾਣੀ ਹੈ, ਜਿਸ ਵਿੱਚੋਂ 17 ਕਿਲੋਮੀਟਰ ਪਾਈਪਲਾਈਨ ਪਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਸਤੀ ਪੀਰ ਦਾਦ ਵਿੱਚ ਸਥਾਪਤ ਸੀਵਰੇਜ ਟਰੀਟਮੈਂਟ ਪਲਾਂਟ (25 ਐੱਮਐੱਲਡੀ) ਦਾ ਸੋਧਿਆ ਹੋਇਆ ਪਾਣੀ ਜ਼ਮੀਨਦੋਜ਼ ਪਾਈਪਾਂ ਅਤੇ 72 ਲਿਟਰ ਪ੍ਰਤੀ ਸੈਕਿੰਡ ਦੀ ਡਿਸਚਾਰਜ ਸਮਰੱਥਾ ਵਾਲੇ ਪੰਪ ਸੈੱਟਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਇਸ ਪ੍ਰਾਜੈਕਟ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਅਕਤੂਬਰ ਮਹੀਨੇ ਦੇ ਅੰਤ ਤੱਕ ਪ੍ਰਾਜੈਕਟ ਮੁਕੰਮਲ ਕਰ ਲਿਆ ਜਾਵੇਗਾ, ਜਿਸ ਸਦਕਾ ਬਸਤੀ ਪੀਰ ਦਾਦ, ਗਿੱਲ, ਚਮਿਆਰਾ, ਸੰਗਲ ਸੋਹਲ, ਸਫੀਪੁਰ ਤੇ ਗਾਖਲਾ ਸਮੇਤ ਦੋ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਫ਼ਾਇਦਾ ਮਿਲੇਗਾ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਇਸ ਪ੍ਰਾਜੈਕਟ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਦਾ ਟਿਊਬਵੈੱਲ ਚਲਾਉਣ ਲਈ ਬਿਜਲੀ ਤੇ ਡੀਜ਼ਲ ਦੇ ਨਾਲ-ਨਾਲ ਬੋਰ ਡੂੰਘੇ ਕਰਵਾਉਣ ’ਤੇ ਆਉਣ ਵਾਲਾ ਖਰਚਾ ਵੀ ਘਟ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਅਜਿਹੇ ਬਦਲਵੇਂ ਸਿੰਜਾਈ ਸਰੋਤ ਬੇਹੱਦ ਮਦਦਗਾਰ ਸਾਬਤ ਹੋ ਸਕਦੇ ਹਨ।
ਇਸ ਸਬੰਧੀ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਦੇ ਸਬ-ਡਿਵੀਜ਼ਨਲ ਭੂਮੀ ਸੰਭਾਲ ਅਫ਼ਸਰ ਜਲੰਧਰ ਇੰਜ. ਲੁਪਿੰਦਰ ਕੁਮਾਰ ਨੇ ਦੱਸਿਆ ਕਿ ਸੋਧਿਆ ਹੋਇਆ ਪਾਣੀ ਜ਼ਮੀਨ ਦੀ ਸਿੰਜਾਈ ਲਈ ਸੁਰੱਖਿਅਤ ਮਾਪਦੰਡਾਂ ਦੇ ਅੰਦਰ ਹੀ ਰਹੇ, ਇਹ ਗੱਲ ਯਕੀਨੀ ਬਣਾਉਣ ਲਈ ਇਹ ਪ੍ਰਣਾਲੀ ਨਿਗਰਾਨੀ ਵਾਲੇ ਯੰਤਰਾਂ ਨਾਲ ਲੈਸ ਹੋਵੇਗੀ। ਇਸ ਪ੍ਰਾਜੈਕਟ ਸਦਕਾ ਇਸ ਇਲਾਕੇ ਵਿੱਚ 30 ਤੋਂ 40 ਫੀਸਦੀ ਜ਼ਮੀਨੀ ਪਾਣੀ ਦੀ ਬੱਚਤ ਹੋਵੇਗੀ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਕਿਉਂਕਿ ਟਰੀਟਮੈਂਟ ਪਲਾਂਟ ਦਾ ਸੋਧਿਆ ਹੋਇਆ ਪਾਣੀ ਫ਼ਸਲਾਂ ਦੀ ਸਿੰਜਾਈ ਵਾਸਤੇ ਪੂਰਾ ਸਾਲ ਉਪਲਬਧ ਰਹੇਗਾ।

Advertisement

Advertisement
Author Image

Advertisement
Advertisement
×