ਜਲੰਧਰ ਜ਼ਿਲ੍ਹੇ ਦੇ ਦੋ ਲੱਖ ਤੋਂ ਵੱਧ ਘਰਾਂ ਨੂੰ ਮਿਲੇ ਪਾਣੀ ਦੇ ਕੁਨੈਕਸ਼ਨ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਜੂਨ
ਪਿੰਡਾਂ ਦੇ ਸਾਰੇ ਘਰਾਂ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 2,33,400 ਘਰਾਂ ਨੂੰ ਕਾਰਜਸ਼ੀਲ ਟੂਟੀ ਕੁਨੈਕਸ਼ਨਾਂ ਤਹਿਤ ਸਫ਼ਲਤਾਪੂਰਵਕ ਕਵਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਨੇ ਜਲ ਜੀਵਨ ਮਿਸ਼ਨ ਤਹਿਤ ਸੌ ਫ਼ੀਸਦੀ ਸਫ਼ਲਤਾ ਹਾਸਲ ਕਰਦੇ ਹੋਏ ਸਮੁੱਚੇ ਲਾਭਪਾਤਰੀਆਂ ਨੂੰ ਲਾਭ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਟੀਚੇ ਨੂੰ ਪ੍ਰਾਪਤ ਕਰਨ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਰਿੰਦਰਪਾਲ ਸਿੰਘ ਬਾਜਵਾ ਅਤੇ ਅਮਿਤ ਮਹਾਜਨ ਵੀ ਮੌਜੂਦ ਸਨ। ਡੀਸੀ ਨੇ ਕਿਹਾ ਕਿ ਪ੍ਰਸ਼ਾਸਨ ਹਰ ਘਰ ਵਿੱਚ ਕਾਰਜਸ਼ੀਲ ਟੂਟੀ ਕੁਨੈਕਸ਼ਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਜਲ ਜੀਵਨ ਮਿਸ਼ਨ ਤਹਿਤ ਸੌ ਫ਼ੀਸਦੀ ਪਾਣੀ ਕੁਨੈਕਸ਼ਨ ਪ੍ਰਦਾਨ ਕਰਨ ਦਾ ਟੀਚਾ ਹਾਸਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦੇ ਹੋਰ ਵਿਕਾਸ ਅਤੇ ਭਲਾਈ ਪ੍ਰੋਗਰਾਮਾਂ ਦਾ ਵੀ ਜਾਇਜ਼ਾ ਲਿਆ। ਸ੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ‘ਕੈਚ ਦਿ ਰੇਨ’ ਪ੍ਰਾਜੈਕਟ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।