ਡਬਲਿਊਐੱਫਆਈ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਕੇਂਦਰ ਨੂੰ ਹੋਰ ਮੋਹਲਤ
ਨਵੀਂ ਦਿੱਲੀ:
ਦਿੱਲੀ ਹਾਈ ਕੋਰਟ ਨੇ ਅੱਜ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੁਅੱਤਲੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਜਵਾਬ ਦੇਣ ਲਈ ਕੇਂਦਰ ਨੂੰ ਚਾਰ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਕੇਂਦਰ ਨੇ ਨਵੇਂ ਅਹੁਦੇਦਾਰਾਂ ਦੀ ਚੋਣ ਤੋਂ ਤਿੰਨ ਦਿਨ ਬਾਅਦ 24 ਦਸੰਬਰ 2023 ਨੂੰ ਡਬਲਿਊਐੱਫਆਈ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੂੰ ਇਸ ਦੇ ਪ੍ਰਬੰਧਨ ਲਈ ਇੱਕ ਐਡਹਾਕ ਕਮੇਟੀ ਬਣਾਉਣ ਲਈ ਕਿਹਾ ਸੀ। ਕੇਂਦਰ ਨੇ ਪਟੀਸ਼ਨ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ। ਇਸ ਮਾਮਲੇ ਦੀ ਪਹਿਲੀ ਵਾਰ ਸੁਣਵਾਈ ਅਪਰੈਲ ਵਿੱਚ ਹੋਈ ਸੀ। ਕੇਂਦਰ ਨੇ ਕਿਹਾ ਕਿ ਉਹ ਪਿਛਲੇ ਸਾਲ ਡਬਲਿਊਐੱਫਆਈ ਦੀਆਂ ਹੋਈਆਂ ਚੋਣਾਂ ਨੂੰ ਚੁਣੌਤੀ ਦੇਣ ਵਾਲੇ ਕੁਝ ਪਹਿਲਵਾਨਾਂ ਵੱਲੋਂ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਿਹਾ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਕੇਂਦਰ ਨੂੰ ਅਦਾਲਤ ਦੇ ਪਹਿਲੇ ਹੁਕਮਾਂ ਦੀ ‘ਪਰਵਾਹ’ ਨਹੀਂ ਹੈ, ਜਿਸ ਵਿੱਚ ਉਸ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਸੀ। -ਪੀਟੀਆਈ