ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਹੱਕ ’ਚ ਮੋਟਰਸਾਈਕਲ ਮਾਰਚ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 18 ਦਸੰਬਰ
ਕੇਂਦਰ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਉਤੇ ਕੀਤੇ ਜਾ ਰਹੇ ਜਬਰ ਦੇ ਰੋਸ ਵੱਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਬਲਾਕ ਦੇ 20 ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜਰਨਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਦੇ ਬਾਰਡਰਾਂ ’ਤੇ ਅੱਥਰੂ ਗੈਸ ਅਤੇ ਗੋਲੀਆਂ ਚਲਾ ਕੇ ਜਬਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਕਿਸਾਨੀ ਮੰਗਾਂ ਨੂੰ ਲੈਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਥਾਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੋਰ ਮੋਰੀਆਂ ਰਾਹੀਂ ਤਿੰਨ ਕਾਲੇ ਕਾਨੂੰਨ ਦੁਬਾਰਾ ਲਾਗੂ ਕਰਨ ਦੀ ਕੋਝੀ ਚਾਲ ਚੱਲ ਰਹੀ ਹੈ, ਜੋ ਕਿ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਧੂਰੀ (ਬੀਰਬਲ ਰਿਸ਼ੀ):
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਇਕਾਈ ਨੇ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਅਤੇ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਦੇ ਰੋਸ ਵਜੋਂ ਮੋਟਰਸਾਈਕਲ ਮਾਰਚ ਕੀਤਾ।
ਇਹ ਮਾਰਚ ਧੂਰੀ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਇਆ ਅਤੇ ਬੇਨੜਾ, ਕੱਕੜਵਾਲ, ਕਹੇਰੂ, ਬਮਾਲ, ਘਨੌਰ ਖੁਰਦ, ਘਨੌਰੀ ਕਲਾਂ, ਚਾਂਗਲੀ, ਕਾਤਰੋਂ, ਬਾਦਸ਼ਾਹਪੁਰ, ਰਾਜੋਮਾਜਰਾ, ਬੁਗਰਾ, ਰਣੀਕੇ ਹੁੰਦੇ ਹੋਏ ਕਾਫ਼ਲੇ ਨੇ ਮੂਲੋਵਾਲ ਵਿਖੇ ਦੁਪਹਿਰ ਦਾ ਭੋਜਨ ਕੀਤਾ। ਮੂਲੋਵਾਲ ਤੋਂ ਮੋਟਰਸਾਈਕਲ ਮਾਰਚ ਅਲਾਲ, ਸੁਲਤਾਨਪੁਰ, ਧੰਦੀਵਾਲ, ਕਿਲਾਹਕੀਮਾ, ਕਾਂਝਲੀ, ਚੰਗਾਲ, ਹਰੇੜੀ, ਲੱਡਾ ਹੁੰਦਾ ਹੋਇਆ ਪਿੰਡ ਪੇਧਨੀ ਵਿੱਚ ਸਮਾਪਤ ਹੋਇਆ। ਇਸ ਦੌਰਾਨ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਹਰਪਾਲ ਪੇਧਨੀ ਤੋਂ ਇਲਾਵਾ ਜਥੇਬੰਦੀ ਦੇ ਬਲਾਕ ਆਗੂ ਕਰਮਜੀਤ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ ਤੇ ਬਾਬੂ ਸਿੰਘ ਮੂਲੋਵਾਲ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ):
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਦੀ ਅਗਵਾਈ ਹੇਠ ਬਲਾਕ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਬਲਾਕ ਪ੍ਰਧਾਨ ਬਹਾਲ ਸਿੰਘ ਢੀਂਡਸਾ , ਬਹਾਦਰ ਸਿੰਘ ਭੁਟਾਲ ਖੁਰਦ ਤੇ ਸਰਬਜੀਤ ਸ਼ਰਮਾ ਆਦਿ ਨੇ ਸੰਬੋਧਨ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ):
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਬਲਾਕ ਸੁਨਾਮ ਦੇ ਲਗਭਗ ਤਿੰਨ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਰੋਸ ਮਾਰਚ ਕੀਤਾ। ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਇਕੱਤਰ ਸੈਂਕੜੇ ਕਿਸਾਨਾਂ ਨੇ ਇਸ ਦੌਰਾਨ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਕਿਸਾਨ ਬਾਰਡਰਾਂ ’ਤੇ ਫਸਲਾਂ ਦੀ ਐਮਐਸਪੀ ਬਚਾਉਣ ਵਾਸਤੇ ਲੜ ਰਹੇ ਹਨ ਪਰ ਕੇਂਦਰ ਸਰਕਾਰ ਖੇਤੀਬਾੜੀ ਖਰੜੇ ਰਾਹੀਂ ਐੱਮਐੱਸਪੀ ਦੀ ਜੜ੍ਹ ਹੀ ਵੱਢ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਵੱਲ ਪੈਦਲ ਜਾ ਰਹੇ ਸਨ ਤਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਨੇ ਕਿਸਾਨਾਂ ’ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਜੋ ਕਿ ਗਲਤ ਹੈ। ਇਸ ਦੌਰਾਨ ਕਿਸਾਨਾਂ ਨੇ ਖੇਤੀਬਾੜੀ ਖਰੜੇ ਦਾ ਵੀ ਵਿਰੋਧ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਜਗਤ ਅਤੇ ਕੇਂਦਰ ਸਰਕਾਰ ਨਾਲ ਮਿਲ ਚੁੱਕੀ ਹੈ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ ਤੇ ਪਾਲ ਸਿੰਘ ਦੋਲੇਵਾਲ ਨੇ ਸੰਬੋਧਨ ਕੀਤਾ।