ਮੋਟਰਸਾਈਕਲ ਸਵਾਰਾਂ ਨੇ ਦੁਕਾਨ ’ਤੇ ਗੋਲੀਆਂ ਚਲਾਈਆਂ
ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 5 ਮਈ
ਸਥਾਨਕ ਵੈਰੋਵਾਲ ਰੋਡ ਉੱਪਰ ਸਰਲੀ ਵਾਲਿਆਂ ਦੀ ਦੁਕਾਨ ’ਤੇ ਦੁਪਹਿਰ ਸਮੇਂ ਤਿੰਨ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਿਕਸ਼ੇ ਉੱਪਰ ਡਿਲੀਵਰੀ ਕਰਨ ਆਏ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ। ਉਸ ਦੀ ਪਛਾਣ ਮੁਹੱਲਾ ਸ਼ੇਖੂਪੁਰਾ ਵਿੱਚ ਰਹਿਣ ਵਾਲੇ ਕਸ਼ਮੀਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਸੁਰਿੰਦਰ ਕੁਮਾਰ ਨੂੰ ਕੁਝ ਸਮਾਂ ਪਹਿਲਾਂ ਫ਼ਿਰੌਤੀ ਮੰਗਣ ਦੀਆਂ ਧਮਕੀਆਂ ਆਈਆਂ ਸਨ। ਫ਼ਿਰੌਤੀ ਨਾ ਦੇਣ ਦੀ ਸੂਰਤ ਵਿੱਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਸਬੰਧੀ ਦੁਕਾਨਦਾਰ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਸੀ ਪਰ ਪੁਲੀਸ ਨੇ ਦੁਕਾਨਦਾਰ ਨੂੰ ਕੋਈ ਸੁਰੱਖਿਆ ਨਹੀਂ ਸੀ ਦਿੱਤੀ।
ਕਿਸਾਨ ਨੇਤਾ ਦਲਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਲੋਕਾਂ ਦੀ ਸੁਰੱਖਿਆ ਰੱਬ ਭਰੋਸੇ ਹੈ ਕਿਉਂਕਿ ਸ਼ਹਿਰ ਵਿੱਚ ਪੁਲੀਸ ਕਰਮਚਾਰੀਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਨਸ਼ੇ ਦੀ ਵਿਕਰੀ ਵੀ ਸ਼ਰ੍ਹੇਆਮ ਹੋ ਰਹੀ ਹੈ, ਇਸ ਨੂੰ ਰੋਕਣ ਵਿੱਚ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ।
ਐੱਸਐੱਚਓ ਥਾਣਾ ਜੰਡਿਆਲਾ ਗੁਰੂ ਹਰਚੰਦ ਸਿੰਘ ਨੇ ਕਿਹਾ ਕਿ ਸੂਚਨਾ ਮਿਲਣ ’ਤੇ ਪੁਲੀਸ ਘਟਨਾ ਸਥਾਨ ’ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਫੱਟੜ ਵਿਅਕਤੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰ ਲਿਆ ਜਾਵੇਗਾ।