ਐੱਮਪੀ ਰਿੰਕੂ ਨੇ ਮੁੱਖ ਮੰਤਰੀ ਤੋਂ ਵੈਟ ਕੇਸਾਂ ਦਾ ਹੱਲ ਮੰਗਿਆ
ਹਤਿੰਦਰ ਮਹਿਤਾ
ਜਲੰਧਰ, 4 ਜੁਲਾਈ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸੈਸ਼ਨ 2015-16, 2016-17 ਅਤੇ 2017-18 ਦੇ ਲੰਬਿਤ ਵੈਟ ਮੁਲਾਂਕਣ ਕੇਸਾਂ ਸਬੰਧੀ ਯਕਮੁਸ਼ਤ ਨਬੇੜਾ (ਵਨ ਟਾਈਮ ਸੈਟਲਮੈਂਟ) ਸਕੀਮ ਦਾ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵੈਟ ਮੁਲਾਂਕਣ ਦੇ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਜਲਦ ਹੀ ਸੂਬਾ ਪੱਧਰੀ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ ਤਾਂ ਜੋ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਸੁਵਿਧਾ ਦਿੱਤੀ ਜਾ ਸਕੇ।
ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਵਪਾਰੀਆਂ ਦੀ ਸਹੂਲਤ ਲਈ ਅਜਿਹੀ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਨੌਂ ਹਲਕਿਆਂ ਦੇ ਸਰਬਪੱਖੀ ਵਿਕਾਸ ਦੇ ਸਬੰਧ ਵਿੱਚ ਮੁੱਖ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਲਈ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਪਹਿਲਾਂ ਹੀ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਕਸਬਿਆਂ ਦੇ ਵਿਕਾਸ ’ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਵੱਖ-ਵੱਖ ਨਗਰ ਕੌਂਸਲਾਂ ਅਤੇ ਜਲੰਧਰ ਨਗਰ ਨਿਗਮ ਲਈ ਪ੍ਰਾਜੈਕਟ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟਾਂ, ਪਿੰਡਾਂ ਦੀਆਂ ਫਿਰਨੀਆਂ ਤੇ ਸੀਵਰੇਜ ਸਿਸਟਮ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ।
ਜਲੰਧਰ-ਹੁਸ਼ਿਆਰਪੁਰ ਸੜਕ ਦੀ ਉਸਾਰੀ ਦਾ ਜਾਇਜ਼ਾ ਲਿਆ
ਜਲੰਧਰ: ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਜਲੰਧਰ-ਹੁਸ਼ਿਆਰਪੁਰ ਸੜਕ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਸੜਕ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਆਦਮਪੁਰ ਵਿੱਚ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਖੁਦ ਮਈ ਮਹੀਨੇ 13.74 ਕਰੋੜ ਰੁਪਏ ਨਾਲ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਸੰਸਦ ਮੈਂਬਰ ਨੇ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਸਰਕਾਰ ਵੱਲੋਂ ਪਹਿਲੀ ਤਰਜੀਹ ਦੇ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਮਪੁਰ ਵਿੱਚ ਅਧੂਰੇ ਪਏ ਫਲਾਈਓਵਰ ਦਾ ਕੰਮ ਵੀ ਜਲਦ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਸਰਕਾਰ ਵੱਲੋਂ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਹੁਣ, ਕੁਝ ਹੀ ਦਿਨਾਂ ਵਿੱਚ ਟੈਂਡਰ ਜਾਰੀ ਹੋ ਜਾਵੇਗਾ। ਉਨ੍ਹਾਂ ਨੇ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਫਲਾਈਓਵਰ ਦਾ ਕੰਮ ਸ਼ੁਰੂ ਕਰਨ ਲਈ ਟੈਂਡਰ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰੀ ਕਰਨ ਲਈ ਕਿਹਾ। -ਪੱਤਰ ਪ੍ਰੇਰਕ