ਨਗਰ ਨਿਗਮ ਤੇ ਟਰੈਫਿਕ ਪੁਲੀਸ ਨੇ ਨਾਜਾਇਜ਼ ਕਬਜ਼ੇ ਹਟਾਏ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 22 ਜੁਲਾਈ
ਨਗਰ ਨਿਗਮ ਅੰਮ੍ਰਿਤਸਰ ਵੱਲੋਂ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਸੁਲਤਾਨਵਿੰਡ ਰੋਡ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਆਸ-ਪਾਸ ਦੇ ਇਲਾਕੇ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਏਡੀਸੀਪੀ (ਟਰੈਫਿਕ) ਹਰਪਾਲ ਸਿੰਘ ਅਤੇ ਸੁਪਰਡੈਂਟ ਧਰਮਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਅਸਟੇਟ ਵਿਭਾਗ ਤੇ ਟਰੈਫਿਕ ਪੁਲੀਸ ਦੀਆਂ ਟੀਮਾਂ ਨੇ ਭੂਮੀ ਵਿਭਾਗ ਦੇ ਟਰੱਕਾਂ ਅਤੇ ਜੇਸੀਬੀ ਮਸ਼ੀਨਾਂ ਨਾਲ ਸਾਰੀਆਂ ਸੜਕਾਂ ਨੂੰ ਸਾਫ਼ ਕਰ ਦਿੱਤਾ ਅਤੇ ਸਾਮਾਨ ਨੂੰ ਕਬਜ਼ੇ ਵਿੱਚ ਲੈ ਕੇ ਨਗਰ ਨਿਗਮ ਦੇ ਸਟੋਰ ਵਿੱਚ ਜਮ੍ਹਾਂ ਕਰਵਾਇਆ।
ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਰਾਮਸਰ ਰੋਡ ਅਤੇ ਸੁਲਤਾਨਵਿੰਡ ਰੋਡ ਦੇ ਆਸ-ਪਾਸ ਦੇ ਖੇਤਰਾਂ ਵਿੱਚ ਨਾਜਾਇਜ਼ ਕਬਜ਼ਿਆਂ ਸਬੰਧੀ ਕਈ ਸ਼ਿਕਾਇਤਾਂ ਆ ਰਹੀਆਂ ਸਨ ਕਿ ਸ਼ਰਧਾਲੂਆਂ ਅਤੇ ਨਾਗਰਿਕਾਂ ਨੂੰ ਸੜਕਾਂ ’ਤੇ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਅਤੇ ਟਰੈਫਿਕ ਪੁਲੀਸ ਦੀਆਂ ਟੀਮਾਂ ਵੱਲੋਂ ਟਿੱਪਰਾਂ, ਟਰੱਕਾਂ ਅਤੇ ਜੇ.ਸੀ.ਬੀ ਮਸ਼ੀਨਾਂ ਨਾਲ ਸੜਕਾਂ ਤੋਂ ਸਾਰੇ ਕਬਜ਼ਿਆਂ ਨੂੰ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਜ਼ਬਤ ਕੀਤਾ ਗਿਆ ਸਾਰਾ ਸਾਮਾਨ ਨਗਰ ਨਿਗਮ ਦੇ ਸਟੋਰ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ।
ਕਮਿਸ਼ਨਰ ਨੇ ਕਿਹਾ ਕਿ ਇਹ ਨਾਕਾਬੰਦੀ ਮੁਹਿੰਮ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕ ਪਹੁੰਚ ਸੜਕਾਂ ਅਤੇ ਫੁੱਟਪਾਥਾਂ ’ਤੇ ਕਬਜ਼ੇ ਨਾ ਕਰਨ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਸਾਮਾਨ ਜ਼ਬਤ ਕਰ ਲਿਆ ਜਾਵੇਗਾ ਅਤੇ ਵਾਪਸ ਨਹੀਂ ਹੋਵੇਗਾ।