ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ
ਸਤਪਾਲ ਰਾਮਗੜ੍ਹੀਆ
ਪਿਹੋਵਾ, 19 ਦਸੰਬਰ
ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਬੱਸ ਸਟੈਂਡ ਦੇ ਆਲੇ-ਦੁਆਲੇ ਦੇ ਸਾਰੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਅੱਗੇ ਸਾਮਾਨ ਰੱਖਿਆ ਹੋਇਆ ਸੀ। ਪ੍ਰਸ਼ਾਸਨ ਵੱਲੋਂ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਗਈ। ਇਸ ਸਬੰਧੀ ਨਗਰ ਕੌਂਸਲ ਦੇ ਸਕੱਤਰ ਮੋਹਨ ਲਾਲ ਨੇ ਦੱਸਿਆ ਕਿ ਨਾਜਾਇਜ਼ ਕਬਜ਼ਿਆਂ ਸਬੰਧੀ ਦੁਕਾਨਦਾਰਾਂ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਗਈ ਸੀ।
ਇਸ ਸਬੰਧੀ ਕਾਰਵਾਈ ਕਰਦਿਆਂ ਅੱਜ ਪੁਲੀਸ ਪ੍ਰਸ਼ਾਸਨ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਪਿਹੋਵਾ ਵਿੱਚ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ। ਇਸ ਦੌਰਾਨ ਕਈ ਦੁਕਾਨਾਂ ਤੋਂ ਸਾਮਾਨ ਵੀ ਜ਼ਬਤ ਕੀਤਾ ਗਿਆ ਅਤੇ ਨੋਟਿਸ ਤੇ ਚਲਾਨ ਵੀ ਕੀਤੇ ਗਏ। ਨਗਰ ਕੌਂਸਲ ਦੇ ਸਕੱਤਰ ਨੇ ਕਿਹਾ ਕਿ ਪ੍ਰਸ਼ਾਸਨ ਕੋਲ ਕਬਜ਼ਿਆਂ ਸਬੰਧੀ ਸ਼ਿਕਾਇਤਾਂ ਆ ਰਹੀਆਂ ਹਨ। ਐੱਸਡੀਐੱਮ ਅਮਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿੱਚ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ ਹੈ, ਜੋ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਹਫ਼ਤੇ ਵਿੱਚ ਦੋ ਵਾਰ ਕਬਜ਼ੇ ਹਟਾਓ ਮੁਹਿੰਮ ਚਲਾਈ ਜਾਵੇਗੀ। ਇਸ ਦੇ ਬਾਵਜੂਦ ਜੇਕਰ ਕੋਈ ਦੁਕਾਨਦਾਰ ਕਬਜ਼ਾ ਕਰਦਾ ਹੈ ਤਾਂ ਉਸ ਦਾ ਸਾਮਾਨ ਜ਼ਬਤ ਕਰਕੇ ਚਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਦੁਬਾਰਾ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।