ਨਗਰ ਨਿਗਮ ਚੋਣਾਂ: ਮੁਹਾਲੀ ਦੇ 50 ਵਾਰਡਾਂ ਦੀ ਮੁੜ ਹੋਵੇਗੀ ਵਾਰਡਬੰਦੀ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 25 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਨਿੀਂ ਅਕਤੂਬਰ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਸੰਕੇਤ ਦੇਣ ਤੋਂ ਬਾਅਦ ਜਿੱਥੇ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ, ਉੱਥੇ ਮੁਹਾਲੀ ਵਿੱਚ ਨਵੇਂ ਸਿਰਿਓਂ ਵਾਰਡਬੰਦੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਹਿਰ ਵਿੱਚ ਨਵੇਂ ਸਿਰਿਓਂ ਵਾਰਡਬੰਦੀ ਕਰਨ ਲਈ ਆਖਦਿਆਂ ਕਿਹਾ ਕਿ ਇਹ ਕੰਮ 30 ਜੁਲਾਈ ਤੱਕ ਨੇਪਰੇ ਚਾੜ੍ਹ ਕੇ ਮੁੱਖ ਦਫ਼ਤਰ ਨੂੰ ਰਿਪੋਰਟ ਸੌਂਪੀ ਜਾਵੇ। ਮੌਜੂਦਾ ਸਮੇਂ ਵਿੱਚ ਮੁਹਾਲੀ ਦਾ ਖੇਤਰਫਲ ਬਹੁਤ ਜ਼ਿਆਦਾ ਵੱਧ ਗਿਆ ਹੈ ਅਤੇ ਬੀਤੀ 3 ਜੁਲਾਈ ਨੂੰ ਆਰਟੀਆਈ ਕਾਰਕੁਨ ਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਵੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਨਵੇਂ ਸਿਰਿਓਂ ਵਾਰਡਬੰਦੀ ਕਰਨ ਅਤੇ ਨਵੇਂ ਸੈਕਟਰਾਂ ਅਤੇ ਨੇੜਲੇ ਪਿੰਡਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ। ਪਰ ਸੂਤਰਾਂ ਅਨੁਸਾਰ ਫਿਲਹਾਲ ਸ਼ਹਿਰ ਦੇ ਪੁਰਾਣੇ 50 ਵਾਰਡਾਂ ਵਿੱਚ ਨਵੇਂ ਸਿਰਿਓਂ ਵਾਰਡਬੰਦੀ ਕੀਤੀ ਜਾਵੇਗੀ। ਇਸ ਕਾਰਨ ਨੇੜਲੇ ਪਿੰਡਾਂ ਅਤੇ ਨਵੇਂ ਸੈਕਟਰਾਂ ਦੇ ਵਸਨੀਕਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ ਕਿਉਂਕਿ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਨਵੇਂ ਸੈਕਟਰਾਂ ਅਤੇ ਕੁੱਝ ਨੇੜਲੇ ਪਿੰਡਾਂ ਨੂੰ ਨਿਗਮ ਦੀ ਹਦੂਦ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਪੁਰਾਣੇ 50 ਵਾਰਡਾਂ ਦੀ ਹੀ ਨਵੇਂ ਸਿਰਿਓਂ ਵਾਰਡਬੰਦੀ ਕੀਤੀ ਜਾਵੇਗੀ ਅਤੇ ਐਤਕੀਂ ਕੋਈ ਨਵਾਂ ਇਲਾਕਾ ਸ਼ਾਮਲ ਨਹੀਂ ਕੀਤਾ ਜਾਵੇਗਾ।