ਕਤਲ ਮਾਮਲਾ: ਡੇਰਾ ਮੁਖੀ ਨੂੰ ਬਰੀ ਕਰਨ ਦੇ ਫ਼ੈਸਲੇ ਤੋਂ ਸ਼੍ਰੋਮਣੀ ਕਮੇਟੀ ਅਸੰਤੁਸ਼ਟ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਮਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਮੁਖੀ ’ਤੇ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਰਣਜੀਤ ਸਿੰਘ ਕਤਲ ਕੇਸ ਵਿੱਚ ਆਇਆ ਫੈਸਲਾ ਵੀ ਅਸੰਤੁਸ਼ਟੀਜਨਕ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦਾ ਫ਼ਰਜ਼ ਬਣਦਾ ਹੈ ਕਿ ਉਹ ਰਣਜੀਤ ਸਿੰਘ ਕਤਲ ਕੇਸ ਦੀ ਅੱਗੇ ਠੋਸ ਪੈਰਵਾਈ ਨੂੰ ਯਕੀਨੀ ਬਣਾਵੇ ਤਾਂ ਜੋ ਜਾਂਚ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਨਾ ਟੁੱਟੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਸ ਦੇ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਇਸੇ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਚਾਰ ਧਾਮ ਯਾਤਰਾ ਤਹਿਤ ਕਰਨ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅੱਗੇ ਜਾਣ ਦਿੱਤਾ ਜਾਂਦਾ ਹੈ, ਜੋ ਇਤਰਾਜ਼ਯੋਗ ਹੈ। ਇਸ ਨੂੰ ਤੁਰੰਤ ਰੋਕਿਆ ਜਾਵੇ।