ਕਤਲ ਕਾਂਡ: ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮੁਹਾਲੀ ਏਅਰਪੋਰਟ ਸੜਕ ਜਾਮ ਕੀਤੀ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਨਵੰਬਰ
ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵੀਰਵਾਰ ਨੂੰ ਇਨਸਾਫ਼ ਪ੍ਰਾਪਤੀ ਲਈ ਦਮਨਪ੍ਰੀਤ ਸਿੰਘ ਲਾਸ਼ ਨੂੰ ਸੜਕ ’ਤੇ ਰੱਖ ਕੇ ਮੁਹਾਲੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਸਾਰਾ ਦਿਨ ਅਤੇ ਦੇਰ ਸ਼ਾਮ ਤੱਕ ਸੜਕ ਦੇ ਦੋਵੇਂ ਪਾਸੇ ਆਵਾਜਾਈ ਠੱਪ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕੁੰਭੜਾ ਤੋਂ ਰਾਏਪੁਰ ਸੜਕ, ਸੋਹਾਣਾ ਤੋਂ ਏਅਰਪੋਰਟ ਅਤੇ ਏਅਰਪੋਰਟ ਤੋਂ ਬਲੌਂਗੀ ਜਾਣ ਵਾਲੀ 200 ਫੁੱਟ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ।ਧਰਨਾ ਪ੍ਰਦਰਸ਼ਨ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਸਮੇਤ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਨੌਜਵਾਨ ਦੀ ਮੌਤ ਕਾਰਨ ਜਿੱਥੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ, ਉੱਥੇ ਪਰਵਾਸੀ ਪਰਿਵਾਰਾਂ ਦੀ ਲਗਾਤਾਰ ਵਧ ਰਹੀ ਆਮਦ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਦਾ ਕਹਿਣਾ ਸੀ ਕਿ ਧਰਨਾ ਪ੍ਰਦਰਸ਼ਨ ਲੋਕਾਂ ਦੀ ਮਜਬੂਰੀ ਬਣ ਗਈ ਹੈ ਕਿਉਂਕਿ ਪਿੱਟ ਸਿਆਪਾ ਕਰਨ ਤੋਂ ਬਗੈਰ ਸਰਕਾਰ ਦੇ ਕੰਨਾਂ ਤੱਕ ਪੀੜਤਾਂ ਦੀ ਆਵਾਜ਼ ਨਹੀਂ ਪਹੁੰਚਦੀ। ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਅਤੇ ਸ਼ਹਿਰ ਦੇ ਕਈ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਵਿੱਚ ਅਣਅਧਿਕਾਰਤ ਪੀਜੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਪਿਛਲੇ ਸਮੇਂ ਦੌਰਾਨ ਮੁਹਾਲੀ ਵਿੱਚ ਵਾਪਰੀਆਂ ਅਪਰਾਧਿਕ ਘਟਨਾਵਾਂ ’ਤੇ ਝਾਤ ਮਾਰ ਕੇ ਦੇਖੀਏ ਤਾਂ ਪਤਾ ਚਲਦਾ ਹੈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਮੁਲਜ਼ਮ ਪੀਜੀ ਵਿੱਚ ਰਹਿੰਦੇ ਸਨ, ਕਿਉਂਕਿ ਪੀਜੀ ਵਿੱਚ ਹਰੇਕ ਵਿਅਕਤੀ ਨੂੰ ਆਸਾਨੀ ਨਾਲ ਰਹਿਣ ਲਈ ਥਾਂ ਮਿਲ ਜਾਂਦੀ ਹੈ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਨੌਜਵਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਪਿੰਡ ਕੁੰਭੜਾ ਅਤੇ ਸੋਹਾਣਾ ਸਮੇਤ ਹੋਰਨਾਂ ਥਾਵਾਂ ’ਤੇ ਬਹੁਮੰਜ਼ਲਾ ਅਣਅਧਿਕਾਰਤ ਪੀਜੀ ਖ਼ਿਲਾਫ਼ ਸ਼ਿਕਾਇਤਾਂ ਅਤੇ ਧਰਨਾ ਦੇ ਕੇ ਥੱਕ ਚੁੱਕੇ ਹਨ ਪਰ ਹੁਣ ਮੁਹਾਲੀ ਪੁਲੀਸ ਸਮੇਤ ਗਮਾਡਾ ਅਤੇ ਨਗਰ ਨਿਗਮ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਢੁੱਕਵੀਂ ਅਮਲ ਵਿੱਚ ਨਹੀਂ ਲਿਆਂਦੀ ਗਈ, ਜਦੋਂ ਕਿ ਕਈ ਬਹੁਮੰਜ਼ਲਾਂ ਪੀਜੀ ਨੇੜੇ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆਉਣ/ਨੁਕਸਾਨੇ ਜਾਣ ਬਾਰੇ ਖ਼ਬਰਾਂ ਮੀਡੀਆ ਦੀ ਸੁਰਖੀਆਂ ਬਣੀਆਂ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਕੋਲ ਕਿਰਾਏਦਾਰਾਂ ਅਤੇ ਨੌਕਰਾਂ ਦਾ ਡਾਟਾ ਤੱਕ ਨਹੀਂ ਹੈ ਕਿਉਂਕਿ ਪੀਜੀ ਵਿੱਚ ਰਹਿੰਦੇ ਵਿਅਕਤੀਆਂ ਦੀ ਪੁਲੀਸ ਨੇ ਵੈਰੀਫਿਕੇਸ਼ਨ ਕਰਨ ਲਈ ਬਹੁਤੀ ਤਵੱਜੋ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੁੰਭੜਾ ਸਮੇਤ ਵੱਖ-ਵੱਖ ਥਾਵਾਂ ’ਤੇ ਪੀਜੀ ਦਾ ਪੂਰਾ ਜਾਲ ਵਿਛਿਆ ਹੋਇਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਬਾਹਰਲੇ ਸੂਬਿਆਂ ਦੇ ਲੋਕ ਆ ਕੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਜੁਰਮ ਨੂੰ ਠੱਲ੍ਹ ਪਾਉਣ ਲਈ ਅਜਿਹੇ ਵਿਅਕਤੀਆਂ ਦੇ ਪਿਛੋਕੜ ਬਾਰੇ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ।
ਸਿਆਸੀ ਆਗੂਆਂ ਨੇ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਐਸ.ਏ.ਐਸ. ਨਗਰ (ਮੁਹਾਲੀ)(ਪੱਤਰ ਪ੍ਰੇਰਕ): ਪਿੰਡ ਕੁੰਭੜਾ ਵਿੱਚ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਮੁਹਾਲੀ ਅਤੇ ਆਸਪਾਸ ਇਲਾਕੇ ਵਿੱਚ ਪਰਵਾਸੀਆਂ ਦੀ ਆਬਾਦੀ ਲਗਾਤਾਰ ਵਧ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹੁਣ ਬਾਹਰਲੇ ਸੂਬਿਆਂ ਦੇ ਇਨ੍ਹਾਂ ਵਿਅਕਤੀਆਂ ਨੇ ਇੱਥੇ ਚੋਣਾਂ ਲੜਨਗੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਨਗਰ ਨਿਗਮ ਅਤੇ ਪੰਚਾਇਤ ਚੋਣਾਂ ਵਿੱਚ ਪਰਵਾਸੀ ਪੂਰੀ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕੁੰਭੜਾ ਦੇ ਨੌਜਵਾਨਾਂ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਮੁਹਾਲੀ ਹਲਕੇ ਵਿੱਚ ਰਹਿੰਦੇ ਪ੍ਰਵਾਸੀ ਵਿਅਕਤੀਆਂ ਦੇ ਪਿਛੋਕੜ ਦੀ ਜਾਂਚ ਕਰਵਾਈ ਜਾਵੇ ਅਤੇ ਕੁੰਭੜਾ ਕਤਲ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨੌਜਵਾਨ ਦਾ ਕਤਲ ਕਰਕੇ ਪਰਵਾਸੀ ਭੱਜਣ ਵਿੱਚ ਵੀ ਸਫ਼ਲ ਹੋ ਗਏ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਪੀਜੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਅਤੇ ਸਮੇਂ ਸਮੇਂ ’ਤੇ ਕਿਰਾਏਦਾਰਾਂ ਖਾਸ ਕਰਕੇ ਬਾਹਰੀ ਸੂਬਿਆਂ ਦੇ ਵਿਅਕਤੀਆਂ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਈ ਜਾਵੇ। ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ਼ ਲਈ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੋਂ ਮਹਿਜ਼ ਕੁਝ ਹੀ ਦੂਰੀ ’ਤੇ ਧਰਨਾ ਲਗਾ ਕੇ ਬੈਠੇ ਹਨ, ਪ੍ਰੰਤੂ ਉਨ੍ਹਾਂ ਨੇ ਪੀੜਤਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਧਰਨੇ ਵਿੱਚ ਪਹੁੰਚ ਕੇ ਪੀੜਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨਾ ਚਾਹੀਦਾ ਸੀ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ ਹੋ ਚੁੱਕੀ ਹੈ। ਉਨ੍ਹਾਂ ਨੇ ਚੱਬੇਵਾਲ ਚੋਣ ਪ੍ਰਚਾਰ ’ਚੋਂ ਵਾਪਸ ਆ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਨੌਜਵਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।