For the best experience, open
https://m.punjabitribuneonline.com
on your mobile browser.
Advertisement

ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ 4 ਜ਼ਿਲ੍ਹਿਆਂ ’ਚ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ: ਖੁੱਡੀਆਂ

05:17 PM Dec 05, 2023 IST
ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ 4 ਜ਼ਿਲ੍ਹਿਆਂ ’ਚ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ  ਖੁੱਡੀਆਂ
Advertisement

ਚੰਡੀਗੜ੍ਹ, 5 ਦਸੰਬਰ
ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰਐੱਚ-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਵੰਡਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ। ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ। ਸ੍ਰੀ ਖੁੱਡੀਆਂ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ।

Advertisement

Advertisement
Advertisement
Author Image

Advertisement