ਮੁਤਵਾਜ਼ੀ ਜਥੇਦਰ ਮੰਡ ਨੇ ਭਗਵੰਤ ਮਾਨ ਨੂੰ ਤਨਖਾਹੀਆ ਕਰਾਰ ਦਿੱਤਾ
ਜਗ
ਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਅਗਸਤ
ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਸਿੱਖ ਧਰਮ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਹੇਠ ਮੁਤਵਾਜ਼ੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਆਦੇਸ਼ ਉਨ੍ਹਾਂ ਨੇ ਅਕਾਲ ਤਖ਼ਤ ਦੇ ਸਕੱਤਰੇਤ ਸਾਹਮਣੇ ਜਾਰੀ ਕੀਤਾ। ਮੁਤਵਾਜ਼ੀ ਜਥੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਤੀਜੀ ਵਾਰ ਅਕਾਲ ਤਖਤ ’ਤੇ ਪੇਸ਼ ਹੋ ਕੇ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ ਪਰ ਉਹ ਨਹੀਂ ਆਏ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ’ਤੇ ਹਾਜ਼ਰ ਹੋਣ ਦਾ ਮੌਕਾ ਦਿੱਤਾ ਗਿਆ ਸੀ। ਇਸ ਤੋਂ ਪਿਛਲੀ ਵਾਰ ਉਨ੍ਹਾਂ ਆਪਣੇ ਦੋ ਵਿਧਾਇਕਾਂ ਰਾਹੀਂ ਪੱਤਰ ਭੇਜਿਆ ਸੀ ਪਰ ਇਹ ਪੱਤਰ ਵੀ ਉਨ੍ਹਾਂ ਦੀ ਥਾਂ ਵਿਧਾਇਕ ਸਰਵਣ ਸਿੰਘ ਧੁੰਨ ਵੱਲੋਂ ਲਿਖਿਆ ਹੋਇਆ ਸੀ। ਜਥੇਦਾਰ ਮੰਡ ਨੇ ਆਖਿਆ ਕਿ ਅਕਾਲ ਤਖ਼ਤ ਦੀ ਮਰਿਆਦਾ ਅਤੇ ਰਵਾਇਤਾਂ ਅਨੁਸਾਰ ਮੁੱਖ ਮੰਤਰੀ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਮੌਕੇ ਦਿੱਤੇ ਗਏ। ਅਖੀਰਲੀ ਵਾਰ ਮੁੱਖ ਮੰਤਰੀ ਨੇ ਬੰਦ ਲਿਫ਼ਾਫ਼ਾ ਭੇਜਿਆ,ਜਿਸ ਨੂੰ ਸਪਸ਼ਟੀਕਰਨ ਸਮਝਦਿਆਂ ਇਸ ਕਾਰਵਾਈ ਨੂੰ ਕੁਝ ਦਿਨ ਅਗਾਂਹ ਪਾ ਦਿੱਤਾ ਗਿਆ ਪਰ ਇਸ ਪੱਤਰ ਵਿੱਚ ਕੁਝ ਵੀ ਨਹੀਂ ਸੀ, ਸਗੋਂ ਇਹ ਪ੍ਰਤੀਤ ਹੋਇਆ ਕਿ ਇਹ ਸਭ ਕੁਝ ਸਾਜ਼ਿਸ਼ ਅਧੀਨ ਜਾਣ ਬੁੱਝ ਕੇ ਬਦਨੀਤੀ ਨਾਲ ਕੀਤਾ ਗਿਆ ਹੈ। ਇਸ ਤੋਂ ਇਹ ਵੀ ਲਗਦਾ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬੱਜਰ ਗੁਨਾਹ ਅਤੇ ਅਕਾਲ ਤਖਤ ਨਾਲ ਮਜ਼ਾਕ ਵਜੋਂ ਪੇਸ਼ ਆਉਣ ਦੇ ਦੋਸ਼ ਹੇਠ ਮੁੱਖ ਮੰਤਰੀ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸਮੁੱਚੇ ਖਾਲਸਾ ਪੰਥ ਅਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਭਗਵੰਤ ਮਾਨ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਕਿਸੇ ਪੰਥਕ ਸਮਾਗਮ ਜਾ ਗੁਰਦੁਆਰੇ ਦੀ ਸਟੇਜ ਤੋਂ ਬੋਲਣ ਨਾ ਦਿਤਾ ਜਾਵੇ ਅਤੇ ਨਾ ਹੀ ਸਿਰੋਪਾ ਦਿੱਤਾ ਜਾਵੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿਲ ਪਾਸ ਕੀਤਾ ਸੀ। ਇਸ ਤੋਂ ਇਲਾਵਾ ਸਿੱਖ ਆਗੂ ਦੀ ਦਸਤਾਰ ਦਾ ਵੀ ਮਜ਼ਾਕ ਉਡਾਇਆ ਸੀ, ਜਿਸ ਨੂੰ ਮੁਤਵਾਜ਼ੀ ਜਥੇਦਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ।
ਜ਼ਿਕਰਯੋਗ ਹੈ ਕਿ ਮੁਤਵਾਜ਼ੀ ਜਥੇਦਾਰ ਵਲੋਂ ਕੋਟਕਪੂਰਾ ਤੇ ਬਰਗਾੜੀ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਉਸ ਵੇਲੇ ਦੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਪੰਜ ਪਿਆਰਿਆਂ ਵਜੋਂ ਬਾਬਾ ਹਰਬੰਸ ਸਿੰਘ, ਬਾਬਾ ਹਿੰਮਤ ਸਿੰਘ, ਭਾਈ ਮੋਹਨ ਸਿੰਘ ,ਭਾਈ ਅਮਰਜੀਤ ਸਿੰਘ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਸਿੱਖ ਆਗੂ ਜਰਨੈਲ ਸਿੰਘ ਸਖੀਰਾ ਤੇ ਹੋਰ ਵੀ ਹਾਜ਼ਰ ਸਨ।