ਮਾਛੀਵਾੜਾ ਵਿੱਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਪੱਤਰ ਪ੍ਰੇਰਕ
ਮਾਛੀਵਾੜਾ, 17 ਜਨਵਰੀ
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਉਨ੍ਹਾਂ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਬਖ਼ਸ਼ ਸਿੰਘ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਬਲਾਕ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ, ਗੁਰਨਾਮ ਸਿੰਘ ਖਾਲਸਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਰਵਾਨਾ ਹੋਇਆ ਜੋ ਇਤਿਹਾਸਕ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਅਤੇ ਗੁਰਦੁਆਰਾ ਭਾਈ ਗਨੀ ਖਾਂ ਨਬੀ ਖਾਂ ਦੇ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਥਾਂ-ਥਾਂ ’ਤੇ ਸਜਾਵਟੀ ਗੇਟ ਤੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਨਗਰ ਕੀਰਤਨ ’ਚ ਮਾਤਾ ਹਰਦੇਈ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਮਾਰਸ਼ਲ ਆਰਟ ਗੱਤਕਾ ਦੇ ਜੁਝਾਰੂ ਸਿੰਘਾਂ ਵੱਲੋਂ ਜੌਹਰ ਦਿਖਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਹਰਪਾਲ ਸਿੰਘ, ਕਥਾਵਾਚਕ ਭਾਈ ਏਕਨਾਮ ਸਿੰਘ, ਅਕਾਊਂਟੈਂਟ ਸੁਖਦੇਵ ਸਿੰਘ, ਖਜ਼ਾਨਚੀ ਜਸਪਿੰਦਰ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਅਨਮੋਲ ਸਿੰਘ, ਅਮਨਦੀਪ ਸਿੰਘ ਤਨੇਜਾ, ਜਸਵੀਰ ਸਿੰਘ ਗਿੱਲ, ਸਿਮਰਨਜੀਤ ਸਿੰਘ ਗੋਗੀਆ ਆਦਿ ਵੀ ਮੌਜੂਦ ਸਨ।