ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਪੱਤਰ ਪ੍ਰੇਰਕ
ਸ਼ਾਹਕੋਟ, 3 ਜਨਵਰੀ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਮੁਹੱਲਾ ਧੂੜਕੋਟ ਤੋਂ ਕਸਬੇ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ। ਸੰਗਤਾਂ ਵੱਲੋਂ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਗੱਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਰਹੀਆਂ ਸਨ। ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਕਸਬਾ ਵਾਸੀਆਂ ਵੱਲੋਂ ਲੰਗਰ ਲਾਏ ਗਏ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ ਕੰਗ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ, ਨਗਰ ਪੰਚਾਇਤ ਦੇ ਸਾਬਕਾ ਉਪ ਪ੍ਰਧਾਨ ਪਰਮਜੀਤ ਕੌਰ ਬਜਾਜ, ਕੌਂਸਲਰ ਬੂਟਾ ਸਿੰਘ ਕਲਸੀ, ਸੁਰਿੰਦਰ ਸਿੰਘ ਪਦਮ, ਸੋਨੂੰ ਮਿੱਤਲ, ਅਰੋੜਾ ਮਹਾ ਸਭਾ ਸ਼ਾਹਕੋਟ ਦੇ ਪ੍ਰਧਾਨ ਪਰਵੀਨ ਗਰੋਵਰ, ਪ੍ਰਿੰਸੀਪਲ ਮਨਜੀਤ ਸਿੰਘ ਅਤੇ ਸੰਗਤ ਮੌਜੂਦ ਸੀ।
ਪਠਾਨਕੋਟ (ਪੱਤਰ ਪ੍ਰੇਰਕ): ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਸਿੰਘ ਸਭਾ ਸਰਾਈਂ ਮੁਹੱਲਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਸ਼ੁਰੂਆਤ ਗੁਰਦੁਆਰੇ ਅੰਦਰ ਕਮੇਟੀ ਦੇ ਮੈਂਬਰਾਂ ਵੱਲੋਂ ਅਰਦਾਸ ਨਾਲ ਕੀਤੀ ਗਈ। ਨਗਰ ਕੀਰਤਨ ਵਿੱਚ ਸ਼ਾਮਲ ਸ਼ਰਧਾਲੂਆਂ ਦਾ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸੰਸਥਾਵਾਂ ਦੇ ਆਗੂਆਂ ਨੇ ਜਗ੍ਹਾ-ਜਗ੍ਹਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਇਹ ਨਗਰ ਕੀਰਤਨ ਮੁਹੱਲਾ ਸਰਾਈਂ ਤੋਂ ਸ਼ੁਰੂ ਹੋ ਕੇ ਇੰਦਰਾ ਕਲੋਨੀ, ਰੇਲਵੇ ਰੋਡ, ਵਾਲਮੀਕ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖਾਨਾ ਚੌਕ, ਗਾਂਧੀ ਚੌਕ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਗੁਰੂ ਸਿੰਘ ਮੁਹੱਲਾ ਸਰਾਈਂ ਵਿੱਚ ਪੁੱਜ ਕੇ ਸੰਪੰਨ ਹੋਇਆ। ਨਗਰ ਕੀਰਤਨ ਵਿੱਚ ਮੁੱਖ ਆਕਰਸ਼ਣ ਗਤਕਾ ਪਾਰਟੀਆਂ ਰਹੀਆਂ ਜਿਸ ਦੌਰਾਨ ਜਥੇਦਾਰ ਕੇਸਰ ਸਿੰਘ ਫੁਲਵਾੜੀ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਗਤਕੇ ਦੇ ਹੈਰਤਅੰਗੇਜ਼ ਕਰਤੱਬ ਦਿਖਾਏ।
ਕਾਦੀਆਂ (ਨਿੱਜੀ ਪੱਤਰ ਪ੍ਰੇਰਕ): ਇੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਮੁਹੱਲਾ ਧਰਮਪੁਰਾ ਕਾਦੀਆਂ ਤੋਂ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਆਰੰਭਿਕ ਸਥਾਨ ’ਤੇ ਸਮਾਪਤ ਹੋਇਆ। ਨਗਰ ਕੀਰਤਨ ਵੱਖ-ਵੱਖ ਥਾਵਾਂ ਤੇ ਸ਼ਰਧਾਲੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ। ਨਗਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਗਤਕਾ ਖਿਡਾਰੀ ਨਿਹੰਗ ਸਿੰਘਾਂ ਵੱਲੋਂ ਵੱਖ ਵੱਖ ਥਾਂਵਾਂ ’ਤੇ ਪੜਾਅਵਾਰ ਗਤਕੇ ਦੇ ਆਕਰਸ਼ਕ ਜੌਹਰ ਵਿਖਾਏ ਗਏ। ਨਗਰ ਕੀਰਤਨ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ ਤੋਂ ਇਲਾਵਾ ਸੰਗਤ ਵੱਡੀ ਗਿਣਤੀ ਵਿੱਚ ਸ਼ਾਮਲ ਸੀ।