ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਪੱਤਰ ਪ੍ਰੇਰਕ
ਸ਼ਹਿਣਾ, 3 ਜੁਲਾਈ
ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਪੁਰਾਤਨ ਤਰੀਕੇ ਨਾਲ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਦੌਰਾਨ ਜਤਿੰਦਰ ਸਿੰਘ ਖਹਿਰਾ, ਸੁਖਦੇਵ ਸਿੰਘ ਝੋਰਡ, ਬੇਅੰਤ ਸਿੰਘ ਅਤੇ ਪੰਚਾਇਤ ਮੈਂਬਰ ਸੁਖਵਿੰਦਰ ਸਿੰਘ ਧਾਲੀਵਾਲ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ’ਚੋਂ ਗੁਜ਼ਰਿਆ ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਅਨੁਸਾਰ ਪਾਲਕੀ ਨੂੰ ਪੁਰਾਤਨ ਤਰੀਕੇ ਨਾਲ ਸਜਾਕੇ 4 ਸਿੰਘਾਂ ਵੱਲੋਂ ਮੋਢਿਆਂ ’ਤੇ ਚੁੱਕਿਆ ਹੋਇਆ ਸੀ ਅਤੇ ਪਿੱਛੇ ਸੰਗਤ ਜਾਪ ਕਰ ਰਹੀ ਸੀ। ਨਗਰ ਕੀਰਤਨ ਸਵੇਰੇ 6 ਵਜੇ ਸ਼ੁਰੂ ਹੋ ਕੇ 10 ਵਜੇ ਸੰਪਨ ਹੋ ਗਿਆ। ਬਾਬਾ ਨਿਰਮਲ ਸਿੰਘ ਨੇ ਦੱਸਿਆ ਕਿ 5 ਜੁਲਾਈ ਨੂੰ ਗੁਰੂ ਹਰਗੋਬਿੰਦ ਸਾਹਿਬ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਪਾਠ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਸੰਗਤ ਲਈ ਠੰਢੇ-ਮਿੱਠੇ ਪਾਣੀ ਦੀਆਂ ਛਬੀਲਾਂ ਵੀ ਲਾਈਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਬਾਬਾ ਨਗਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।