ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਨਵੰਬਰ
ਇੱਥੋਂ ਦੇ ਨਿਊ ਮਹਾਵੀਰ ਨਗਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਥਾਨਕ ਸਿੱਖ ਜਥੇਬੰਦੀਆਂ ਵੱਲੋਂ ਮਿਲ ਕੇ ਸਜਾਇਆ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਸਿੱਖ ਆਗੂ ਸ਼ਾਮਲ ਹੋਏ। ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਸਬੰਧਤ ਇਲਾਕੇ ਦੇ ਵੱਖ-ਵੱਖ ਗੁਰਦੁਆਰਿਆਂ ਕੋਲੋਂ ਅਤੇ ਬਾਜ਼ਾਰਾਂ ਵਿੱਚੋਂ ਲੰਘਿਆ। ਇਸ ਦੌਰਾਨ ਸੰਗਤ ਵੱਲੋਂ ਨਗਰ ਕੀਰਤਨ ਦਾ ਉਤਸ਼ਾਹ ਅਤੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸਥਾਨਕ ਪੁਲੀਸ ਵੱਲੋਂ ਟਰੈਫਿਕ ਰੂਟ ਨੂੰ ਕੰਟਰੋਲ ਕੀਤਾ ਗਿਆ ਅਤੇ ਸ਼ਾਂਤੀ ਕਾਇਮ ਰੱਖੀ ਗਈ। ਗਤਕਾ ਖਿਡਾਰੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੌਹਰ ਦਿਖਾਏ ਗਏ। ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਨਗਰ ਕੀਰਤਨ ਵਿੱਚ ਪੀਟੀ ਕੀਤੀ ਅਤੇ ਰੰਗ ਬਿਰੰਗੀਆਂ ਪੁਸ਼ਾਕਾਂ ਪਾ ਕੇ ਸਕੂਲਾਂ ਦੇ ਬੈਂਡ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਸਥਾਨਕ ਸਿੱਖ ਪਤਵੰਤਿਆਂ ਦਾ ਸਿੱਖ ਰਵਾਇਤਾਂ ਮੁਤਾਬਕ ਸਰੋਪੇ ਪਾ ਕੇ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਨੇ ਥਾਂ ਥਾਂ ਲੰਗਰ ਲਾਏ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੂੰ ਲੰਗਰ ਵਰਤਾਏ ਗਏ।
ਇਸ ਮੌਕੇ ਸ੍ਰੀ ਕਾਹਲੋਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਸ ਧਰਤੀ ਉੱਪਰ ਅਵਤਾਰ ਧਾਰ ਕੇ ਸਿੱਖ ਧਰਮ ਦਾ ਮੁੱਢ ਬੰਨ੍ਹਿਆ ਅਤੇ ਇਸ ਆਧੁਨਿਕ ਧਰਮ ਦੇ ਵੱਖ-ਵੱਖ ਪਸਾਰਾਂ ਬਾਰੇ ਗੱਲ ਕੀਤੀ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਨਗਰ ਕੀਰਤਨ ਸਜਾਏ ਜਾਣ ਮਗਰੋਂ ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ ਛੁੱਟੀਆਂ ਦੇ ਦਿਨਾਂ ਦੌਰਾਨ ਆਪਣੇ ਆਪਣੇ ਇਲਾਕਿਆਂ ਵਿੱਚ ਨਗਰ ਕੀਰਤਨ ਸਜਾਉਂਦੀਆਂ ਹਨ।