ਸਹੇੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ
ਸੰਜੀਵ ਤੇਜਪਾਲ
ਮੋਰਿੰਡਾ, 25 ਦਸੰਬਰ
ਗੁਰਦੁਆਰਾ ਸ੍ਰੀ ਰਥ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਪੰਥ ਦੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਖਾਲਸਾ ਹੀ ਬਾਣੇ ਵਿੱਚ ਸਜੇ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ ਜਿਨ੍ਹਾਂ ਦੇ ਅੱਗੇ ਜਿੱਥੇ ਵੱਡੀ ਗਿਣਤੀ ਵਿੱਚ ਔਰਤਾਂ ਵੱਲੋਂ ਰਸਤੇ ਦੀ ਸਫ਼ਾਈ ਕੀਤੀ ਜਾ ਰਹੀ ਸੀ ਉੱਥੇ ਹੀ ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ।
ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਭਾਏਮਾਨ ਸਨ ਜਿਨਾਂ ਦੇ ਪਿੱਛੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਰਾਂਹੀ ਪੇਸ਼ ਕਰਕੇ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ
ਲਗਪਗ ਚਾਰ ਕਿਲੋਮੀਟਰ ਲੰਮੇ ਇਸ ਨਗਰ ਕੀਰਤਨ ਵਿੱਚ ਇੱਕ ਛੋਟਾ ਰਥ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ । ਜਿਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਜਦੋਂ ਮੁਗਲ ਹਕੂਮਤ ਵੱਲੋਂ ਇਨਾ ਮਹਾਨ ਸ਼ਹੀਦਾਂ ਨੂੰ ਗੰਗੂ ਬ੍ਰਾਹਮਣ ਦੇ ਘਰ ਤੋਂ ਗ੍ਰਿਫਤਾਰ ਕਰਕੇ ਮੋਰਿੰਡਾ ਦੀ ਕੋਤਵਾਲੀ ਅਤੇ ਸਰਹੰਦ ਤੱਕ ਲਿਜਾਇਆ ਗਿਆ ਤਾਂ ਉਸ ਸਮੇਂ ਇਸ ਤਰ੍ਹਾਂ ਦੇ ਰਥ ਰਾਹੀਂ ਹੀ ਉਨ੍ਹਾਂ ਨੂੰ ਪਿੰਡ ਸਹੇੜੀ ਤੋਂ ਲਿਜਾਇਆ ਗਿਆ ਸੀ। ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਪਾਲਕੀ ਸਾਹਿਬ ਨੂੰ ਮੱਥਾ ਟੇਕ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਵਿਸ਼ਾਲ ਨਗਰ ਕੀਰਤਨ ਲੈ ਕੇ ਪਿੰਡ ਸਹੇੜੀ ਤੋਂ ਲੈ ਕੇ ਮੋਰਿੰਡਾ ਸਰਹੰਦ ਬਾਈਪਾਸ ਤੱਕ ਸੈਂਕੜਿਆਂ ਦੀ ਤਾਦਾਦ ਵਿੱਚ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਲਗਾਏ ਗਏ ਸਨ।
ਪ੍ਰਭ ਆਸਰਾ ਨੇ ਮੈਡੀਕਲ ਕੈਂਪ ਲਾਇਆ
ਕੁਰਾਲੀ (ਮਿਹਰ ਸਿੰਘ):
ਇੱਥੋਂ ਦੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਪਡਿਆਲਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮੌਕੇ ਪੁੱਜਣ ਵਾਲੀ ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ। ਇਸ ਮੰਤਵ ਲਈ ਸੰਸਥਾ ਵਲੋਂ ਬਾਬਾ ਗਾਜ਼ੀ ਦਾਸ ਕਲੱਬ ਰੋਡ ਮਾਜਰਾ ਚੱਕਲਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਨੇੜੇ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਸੰਸਥਾ ਮੁਖੀ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਸ਼ੁਰੁ ਹੋ ਚੁੱਕਾ ਹੈ ਅਤੇ ਜੋੜ ਮੇਲੇ ਦੌਰਾਨ 28 ਦਸੰਬਰ ਤੱਕ ਜਾਰੀ ਰਹੇਗਾ। ਇਸ ਮੌਕੇ ਦਵਿੰਦਰ ਸਿੰਘ ਬਾਜਵਾ, ਬਿੱਟੂ ਬਾਜਵਾ, ਜੈ ਸਿੰਘ ਚੱਕਲਾਂ ਆਦਿ ਹਾਜ਼ਰ ਸਨ।
ਫਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਕਰਵਾਈ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ):
ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁੱਖ ਮੰਤਰੀ ਪੰਜਾਬ ਦੀ ਹਦਾਇਤ ’ਤੇ ਕਰਵਾਇਆ ਗਿਆ। ਉਨ੍ਹਾਂ ਇਹ ਗੱਲ ਅੱਜ ਵਾਰਡ ਨੰਬਰ 12 ਅਤੇ 9 ਦੀ ਸਾਂਝੀ ਸੜਕ ’ਤੇ ਇੰਟਰਲਾਕ ਟਾਇਲਾਂ ਦੇ ਪੈਚ ਵਰਕ ਦੀ ਸ਼ੁਰੂਆਤ ਕਰਨ ਮੌਕੇ ਕਹੀ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ‘ਆਪ’ ਆਗੂ ਪਾਵੇਲ ਹਾਂਡਾ, ਗੁਰਚਰਨ ਸਿੰਘ ਬਲੱਗਣ, ਤੇਜਿੰਦਰ ਸਿੰਘ ਧਤੌਂਦਾ, ਕ੍ਰਿਪਾਲ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਬੇਦੀ, ਬਾਲ ਕ੍ਰਿਸ਼ਨ, ਜਸਵੰਤ ਸਿੰਘ ਸੋਢੀ, ਗਣੇਸ਼ ਦੱਤ ਸ਼ਰਮਾ, ਮਨਦੀਪ ਸਿੰਘ ਟਹਿਣੀ ਅਤੇ ਰਾਮ ਦਿਆਲ ਸਿੰਘ ਆਦਿ ਹਾਜ਼ਰ ਸਨ।