ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 23 ਦਸੰਬਰ
ਬਲਾਕ ਸ਼ਹਿਣਾ ਦੇ ਪਿੰਡ ਜੋਧਪੁਰ ’ਚ ਗੁਰਦੁਆਰਾ ਭਾਈ ਹਿੰਮਤ ਸਿੰਘ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗਰੰਥ ਸਾਹਿਜ ਦੀ ਛਤਰ ਛਾਇਆ ਹੇਠ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਵੱਖ ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਲੰਗਰ ਲਾਏ ਗਏ। ਭਾਈ ਮੁਖਤਿਆਰ ਸਿੰਘ ਨਿਰਵੈਰ ਖਾਲਸਾ ਕਵਿੱਸ਼ਰੀ ਜੱਥੇ ਵੱਲੋਂ ਸਿੱਖ ਇਤਿਹਾਸ ਦੀਆਂ ਵੰਨਗੀਆਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸੰਗਤ ਵੱਲੋਂ ਕਸਬੇ ਵਿੱਚ ਨਗਰ ਕੀਰਤਨ ਦੇ ਸਵਾਗਤ ਲਈ 12 ਸੁੰਦਰ ਗੇਟ ਬਣਾਏ ਅਤੇ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਪਿੰਡ ਤੁੰਗਵਾਲੀ ਵਿੱਚ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਪਿੰਡ ਵਿੱਚ ਨਗਰ ਕੀਰਤਨ ਸਜਾਇਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਪੂਰੇ ਪਿੰਡ ਦੀਆਂ ਗਲੀਆਂ ਦੀ ਸਫਾਈ ਕੀਤੀ ਅਤੇ ਸ਼ਰਧਾਲੂਆਂ ਨੇ ਵੱਖ ਵੱਖ ਥਾਵਾਂ ’ਤੇ ਸਵਾਗਤੀ ਗੇਟ ਅਤੇ ਲੰਗਰ ਲਗਾਏ। ਇਸ ਮੌਕੇ ਸ਼ਿੰਗਾਰਾ ਸਿੰਘ, ਬਲਜਿੰਦਰ ਸਿੰਘ, ਮੈਂਗਲ ਸਿੰਘ ਟਿਵਾਣਾ, ਸੁਖਦੇਵ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ, ਕਾਲਾ ਸਿੰਘ ਹਾਜ਼ਰ ਸਨ।
ਸਿਲਵਰ ਓਕਸ ਸਕੂਲ ’ਚ ਸਾਹਿਬਜ਼ਾਦਿਆਂ ਦੀ ਯਾਦ ’ਚ ਸਮਾਗਮ
ਜੈਤੋ (ਪੱਤਰ ਪ੍ਰੇਰਕ): ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ‘ਦੇਹ ਸ਼ਿਵਾ ਬਰੁ ਮੋਹਿ ਇਹੈ’ ਸ਼ਬਦ ਦਾ ਗਾਇਨ ਕੀਤਾ। ਅੱਠਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਆਪਣੇ ਭਾਸ਼ਣ ਵਿੱਚ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਵਿਸਥਾਰ ਵਿੱਚ ਦੱਸਿਆ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਕਿਸੇ ਇੱਕ ਕੌਮ ਲਈ ਨਹੀਂ ਬਲਕਿ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਇਸ ਹਫ਼ਤੇ ਸ਼ਰਧਾਵਾਨ ਲੋਕ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮਨਾਉਂਦੇ ਹੋਏ ਜ਼ਮੀਨ ’ਤੇ ਸੌਂਦੇ ਹਨ ਅਤੇ ਗੁਰਬਾਣੀ ਦਾ ਪਾਠ ਕਰਦੇ ਹਨ।
ਸਕੂਲ ਵਿੱਚ ਧਾਰਮਿਕ ਸਮਾਗਮ ਕਰਵਾਇਆ
ਭਾਈ ਰੂਪਾ: ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਬਦ ਗਾਇਨ, ਕਵਿਤਾਵਾਂ ਤੇ ਵਿਚਾਰ ਪੇਸ਼ ਕੀਤੇ ਗਏ। ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਅਤੇ ਵਾਈਸ ਪ੍ਰਿੰਸੀਪਲ ਜਸਵੀਰ ਸਿੰਘ ਭਾਈਰੂਪਾ ਨੇ ਗੁਰੂ ਗੋਬਿੰਦ ਸਿੰਘ ਤੇ ਮਾਤਾ ਗੁਜਰੀ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਸਿੱਖ ਧਰਮ ਦੀ ਖਾਤਰ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਪਰ ਮੁਗਲਾਂ ਦੀ ਈਨ ਨਹੀਂ ਮੰਨੀ। ਇਸ ਮੌਕੇ ਲੈਕਚਰਾਰ ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਚੋਪੜਾ, ਬਲਜਿੰਦਰ ਕੌਰ, ਸਰਬਜੀਤ ਕੌਰ, ਵਰਿੰਦਰਪਾਲ ਕੌਰ, ਚਿੰਤਪਾਲ ਕੌਰ ਹਾਜ਼ਰ ਸਨ।- ਪੱਤਰ ਪ੍ਰੇਰਕ