ਗੁਰਦੁਆਰਾ ਬਾਉਲੀ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 12 ਨਵੰਬਰ
ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 15 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਦੌਰਾਨ 14 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਤਰੀਕ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸੁੰਦਰ ਸਜਾਵਟ ਦੇ ਨਾਲ ਦੀਪਮਾਲਾ ਵੀ ਹੋਵੇਗੀ। ਇਸ ਮੌਕੇ ਸਾਬਕਾ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ, ਐਡੀਸ਼ਨਲ ਮੈਨੇਜਰ ਅਵਤਾਰ ਸਿੰਘ, ਅਕਾਊਂਟੈਂਟ ਸੁਖਦੇਵ ਸਿੰਘ, ਪਰਮਜੀਤ ਸਿੰਘ ਖਜ਼ਾਨਚੀ, ਇੰਸਪੈਕਟਰ ਜਸਵਿੰਦਰ ਸਿੰਘ ਰੁਮਾਣਾ ਅਤੇ ਸਤਨਾਮ ਸਿੰਘ ਮੌਜੂਦ ਸਨ।