ਨਾਇਬ ਸੈਣੀ ਵੱਲੋਂ ਫੂਲਕਾਂ ’ਚ ਮਹਾਰਾਜਾ ਸੂਰਜਮਲ ਦੀ ਮੂਰਤੀ ਦਾ ਉਦਘਾਟਨ
ਪ੍ਰਭੂ ਦਿਆਲ
ਸਿਰਸਾ, 24 ਦਸੰਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਮਹਾਪੁਰਸ਼ਾਂ ਦੇ ਦਿਖਾਏ ਰਾਹ ’ਤੇ ਚੱਲਦਿਆਂ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬੇ ਵਿੱਚ ਮਹਾਪੁਰਖਾਂ ਦੀ ਪ੍ਰੇਰਨਾ ਨਾਲ ਹੀ ਲਾਭਕਾਰੀ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਸਿਰਸਾ ਜ਼ਿਲ੍ਹੇ ਦੇ ਪਿੰਡ ਫੂਲਕਾਂ ’ਚ ਮਹਾਰਾਜਾ ਸੂਰਜਮਲ ਦੇ ਬਲਿਦਾਨ ਦਿਵਸ ਦੇ ਮੌਕੇ ’ਤੇ ਭਾਰਤੀ ਜਾਟ ਵਿਕਾਸ ਮੰਚ ਅਤੇ ਫੂਲਕਾਂ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਲਾਏ ਗਏ ਬੁੱਤ ਤੋਂ ਪਰਦਾ ਹਟਾਉਣ ਮਗਰੋਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਪਿੰਡ ਵਿੱਚ ਸਥਾਪਿਤ ਮਹਾਰਾਜਾ ਸੂਰਜਮਲ ਦੀ ਮੂਰਤੀ ਦਾ ਉਦਘਾਟਨ ਕੀਤਾ ਅਤੇ ਇਕ ਬੂਟਾ ਲਾਇਆ। ਉਪਰੰਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਗਿਣਵਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਨੂੰ ਬਿਹਤਰ ਬਣਾਉਣਾ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਸੂਬੇ ਦੇ ਹਰ ਨਾਗਰਿਕ ਦੇ ਮਾਣ-ਸਨਮਾਨ ਦੀ ਰਾਖੀ ਕਰਨਾ ਸਰਕਾਰ ਦਾ ਫਰਜ਼ ਹੈ। ਸਰਕਾਰ ਨੇ ਇਹ ਸਬਕ ਮਹਾਰਾਜਾ ਸੂਰਜਮਲ ਜੀ ਦੀ ਮਹਾਨ ਸ਼ਖਸੀਅਤ ਤੋਂ ਸਿੱਖਿਆ ਹੈ ਅਤੇ ਉਨ੍ਹਾਂ ਦੀ ਪਾਲਣਾ ਕਰਦੇ ਹੋਏ ਸਾਡੀ ਸਰਕਾਰ ਨੇ ਬਹੁਤ ਸਾਰੀਆਂ ਲੋਕ ਭਲਾਈ ਨੀਤੀਆਂ ਲਾਗੂ ਕੀਤੀਆਂ ਹਨ। ਪੂਰੇ ਦੇਸ਼ ’ਚ ਸਾਡਾ ਸੂਬਾ ਇਕੱਲਾ ਅਜਿਹਾ ਸੂਬਾ ਹੈ, ਜੋ ਅੰਨਦਾਤਾ ਦੀਆਂ ਸਾਰੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਦਾ ਹੈ। ਕਿਸਾਨਾਂ ਦੀਆਂ ਫਸਲਾਂ ਦੀ ਅਦਾਇਗੀ 72 ਘੰਟਿਆਂ ਦੇ ਅੰਦਰ ਕੀਤੀ ਜਾਂਦੀ ਹੈ। ਫਸਲ ਦੀ ਖਰੀਦ ਦਾ ਪੈਸਾ ਵੀ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕਰਵਾਇਆ ਜਾਂਦਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਕਈ ਬੇਮਿਸਾਲ ਫੈਸਲੇ ਲਏ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਔਰਤਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਸੂਬੇ ਵਿੱਚ 5 ਲੱਖ ਔਰਤਾਂ ਨੂੰ ਲਖਪਤੀ ਦੀਦੀ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।