ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਨਾਲ ਕੌਮੀ ਰਾਜਧਾਨੀ ਜਲ-ਥਲ

08:13 AM Jul 05, 2024 IST
ਮੀਂਹ ਕਾਰਨ ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸਵੇਅ ’ਤੇ ਭਰੇ ਪਾਣੀ ਵਿੱਚੋਂ ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਰਾਹਗੀਰ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੁਲਾਈ
ਕੌਮੀ ਰਾਜਧਾਨੀ ਵਿੱਚ ਪੈ ਰਹੇ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਮੀਂਹ ਨਾਲ ਦਿੱਲੀ ਦੇ ਕਈ ਇਲਾਕਿਆਂ ਵਿੱਚ ਭਾਰੀ ਪਾਣੀ ਖੜ੍ਹਾ ਹੋ ਗਿਆ ਹੈ। ਕਈ ਸੜਕਾਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ ਹੈ। ਕਾਰਾਂ. ਬੱਸਾਂ ਤੇ ਦੋ ਪਹੀਆ ਵਾਹਨ ਚਾਲਕ ਬੇਹੱਦ ਪ੍ਰੇਸ਼ਾਨ ਹਨ। ਮੋਟਰਸਾਈਕਲ ਤੇ ਸਕੂਟਰ ਸਵਾਰਾਂ ਨੂੰ ਮੀਂਹ ਦੌਰਾਨ ਬੱਸ ਸ਼ੈਲਟਰਾਂ, ਪੁਲਾਂ ਆਦਿ ਦੇ ਹੇਠਾਂ ਖੜ੍ਹੇ ਦੇਖਿਆ ਗਿਆ। ਭਾਰਤੀ ਮੌਸਮ ਵਿਭਾਗ ਨੇ ਪੂਰੇ ਸ਼ਹਿਰ ਵਿੱਚ ਵੱਖ-ਵੱਖ ਮਾਤਰਾ ਵਿੱਚ ਮੀਂਹ ਦੀ ਰਿਪੋਰਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਹਲਕਾ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਈਐੱਮਡੀ ਅਨੁਸਾਰ 4 ਜੁਲਾਈ ਨੂੰ ਸਵੇਰੇ 8.30 ਵਜੇ ਪਿਛਲੇ 24 ਘੰਟਿਆਂ ਦੌਰਾਨ ਦਰਜ ਕੀਤੀ ਗਈ ਬਾਰਿਸ਼ ਸਫਦਰਜੰਗ ਵਿੱਚ 9.2 ਮਿਲੀਮੀਟਰ, ਲੋਧੀ ਰੋਡ ਵਿੱਚ 7.4 ਮਿਲੀਮੀਟਰ, ਰਿਜ ਵਿੱਚ 5.6 ਮਿਲੀਮੀਟਰ, ਪਾਲਮ ਵਿੱਚ 17.4 ਮਿਲੀਮੀਟਰ ਅਤੇ ਅਯਾਨਗਰ ਵਿੱਚ 40.8 ਮਿਲੀਮੀਟਰ ਦਰਜ ਕੀਤੀ ਗਈ। ਮੀਂਹ ਤੋਂ ਬਾਅਦ ਸੜਕਾਂ ’ਤੇ ਆਵਾਜਾਈ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮੌਸਮ ਵਿਭਾਗ ਮੁਤਾਬਕ ਦਿੱਲੀ ਦਾ ਘੱਟੋ-ਘੱਟ ਤਾਪਮਾਨ 24.8 ਡਿਗਰੀ ਸੈਲਸੀਅਸ ਰਿਹਾ, ਜੋ ਮੌਸਮ ਦੀ ਔਸਤ ਤੋਂ ਤਿੰਨ ਡਿਗਰੀ ਘੱਟ ਹੈ। ਵੀਰਵਾਰ ਨੂੰ ਸਵੇਰੇ ਅਤੇ ਦੁਪਹਿਰ ਦੇ ਸਮੇਂ ਦੌਰਾਨ ਭਾਰੀ ਮੀਂਹ ਨੇ ਦਿੱਲੀ ਵਿੱਚ ਆਵਾਜਾਈ ਵਿੱਚ ਵਿਘਨ ਪਾਇਆ। ਆਈਐੱਮਡੀ ਨੇ ਅਗਲੇ ਪੰਜ ਦਿਨਾਂ ਵਿੱਚ ਉੱਤਰੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Advertisement

ਮੀਂਹ ਨੇ ਕੇਜਰੀਵਾਲ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹੀ: ਯਾਦਵ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਮੌਨਸੂਨ ਦੀ ਪਹਿਲੀ ਬਰਸਾਤ ਨੇ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੇ ਦਿੱਲੀ ਨਗਰ ਨਿਗਮ ਦੇ 100 ਫ਼ੀਸਦ ਗਾਰ ਕੱਢਣ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੱਡੇ ਵੱਡੇ ਦਾਅਵੇ ਕੀਤੇ ਗਏ ਪਰ ਮੀਂਹ ਪੈਣ ਨਾਲ ਦਿੱਲੀ ਪਾਣੀ ਵਿੱਚ ਡੁੱਬ ਗਈ ਹੈ, ਜਿਸ ਨਾਲ ਉਨ੍ਹਾਂ ਦੇ ਸਾਰਿਆਂ ਵਾਅਦਿਆਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਨਗਰ ਨਿਗਮ ਨੇ ਅਸਲ ਵਿੱਚ 713 ਡਰੇਨਾਂ ਵਿੱਚੋਂ 86,690.04 ਮੀਟਰਿਕ ਟਨ ਗਾਰ ਕੱਢੀ ਹੁੰਦੀ ਤਾਂ ਦਿੱਲੀ ਦੀ ਅਜਿਹੀ ਮਾੜੀ ਹਾਲਤ ਦੇਖਣੀ ਨਾ ਪੈਂਦੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਤੇ ਵਰਕਰ ਦਿੱਲੀ ਦੇ ਨਾਲਿਆਂ ਦਾ ਸੱਚ ਦਿੱਲੀ ਵਾਸੀਆਂ ਦੇ ਸਾਹਮਣੇ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਦਿੱਲੀ ਸਰਕਾਰ, ਜਦੋਂਕਿ ਪਿਛਲੇ 2 ਸਾਲਾਂ ਵਿੱਚ ਦਿੱਲੀ ਨਗਰ ਨਿਗਮ ’ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਸ੍ਰੀ ਯਾਦਵ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਦੇ ਡਰੇਨਾਂ ਨੂੰ ਸਾਫ਼ ਕਰਨ ਦੇ ਖੋਖਲੇ ਦਾਅਵਿਆਂ ਦਾ ਸੋਸ਼ਲ ਮੀਡੀਆ ’ਤੇ ਆਡਿਟ ਕਰਕੇ ਪਰਦਾਫਾਸ਼ ਕੀਤਾ ਜਾਵੇਗਾ ਅਤੇ ਦਿੱਲੀ ਵਾਸੀਆਂ ਦੇ ਸਾਹਮਣੇ ਸੱਚਾਈ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਦਿੱਲੀ ਦੇ ਸਾਰੇ ਡਰੇਨਾਂ ਦੇ ਟੈਂਡਰ ਦੀ ਰਕਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਜਨਤਕ ਕੀਤੀ ਜਾਵੇ ਅਤੇ ਵਿਭਾਗ ਨੇ ਖੁਦ ਜਿਨ੍ਹਾਂ ਡਰੇਨਾਂ ਦੀ ਸਫਾਈ ਕੀਤੀ ਹੈ, ਉਨ੍ਹਾਂ ਦੀ ਜਾਣਕਾਰੀ ਵੀ ਜਨਤਕ ਕੀਤੀ ਜਾਵੇ। ਦਿੱਲੀ ਪ੍ਰਦੇਸ਼ ਕਾਂਗਰਸ ਪੀਡਬਲਯੂਡੀ, ਡੀਡੀਏ, ਐੱਨਡੀਐੱਮਸੀ ਅਤੇ ਹੜ੍ਹ ਤੇ ਸਿੰਜਾਈ ਵਿਭਾਗਾਂ ਆਦਿ ਤੋਂ ਵੀ ਮੰਗ ਕਰਦੀ ਹੈ ਕਿ ਉਹ ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਦੇ ਵੇਰਵੇ ਜਨਤਕ ਕਰਨ।

Advertisement
Advertisement
Advertisement