ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਮਾਰਚ
ਇਥੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪ੍ਰਿੰਸੀਪਲ ਬੈਂਚ ਨਿਊ ਦਿੱਲੀ ਦੇ ਮੈਂਬਰ ਜੱਜ ਡਾ. ਅਫਰੋਜ਼ ਅਹਿਮਦ ਨੇ ਜ਼ਿਲ੍ਹਾ ਵਾਤਾਵਰਨ ਯੋਜਨਾ ਕਮੇਟੀ ਦੀ ਮੀਟਿੰਗ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਨੂੰ ਸਵੱਛ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਚਾਹੀਦਾ ਹੈ।
ਉਨ੍ਹਾਂ ਜ਼ਿਲ੍ਹੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮਾਂ ਦਾ ਰੀਵਿਊ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਥਾਈਂ ਇਕੱਠਾ ਹੋਣਾ ਚਾਹੀਦਾ ਹੈ ਅਤੇ 100 ਫੀਸਦੀ ਕੂੜੇ ਦੀ ਡੋਰ-ਟੂ-ਡੋਰ ਕਲੈਕਸ਼ਨ ਯਕੀਨੀ ਬਣਾਈ ਜਾਵੇ। ਮੈਂਬਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ’ਤੇ ਵੀ ਚਿੰਤਾ ਪ੍ਰਗਟਾਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਵਿੱਚ ਤਿੰਨ ਐੱਸਟੀਪੀ ਪਲਾਂਟ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਮਜੀਠਾ, ਜੰਡਿਆਲਾ, ਰਈਆ , ਰਾਜਾਸਾਂਸੀ ਅਤੇ ਰਮਦਾਸ ਵਿਖੇ ਵੀ ਐਸ.ਟੀ.ਪੀ. ਪਲਾਂਟ ਵੀ ਜਲਦ ਸ਼ੁਰੂ ਹੋ ਰਹੇ ਹਨ। ਉਨਾਂ ਦੱਸਿਆ ਕਿ ਨਗਰ ਨਿਗਮ ਅਤੇ ਸਾਰੀਆਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਕੁੱਲ 165 ਵਾਰਡ ਹਨ, ਜਿਨਾਂ ਵਿੱਚੋਂ 264063 ਘਰਾਂ ਦੀ ਕੁੱਲ ਜਨਸੰਖਿਆ 1488668 ਹੈ ਘਰਾਂ ਵਿਚੋਂ ਡੋਰ ਟੂ ਡੋਰ ਕਲੈਕਸ਼ਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਮੈਂਬਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਵਾਤਾਵਰਨ ਦੀ ਸਾਂਭ ਸੰਭਾਲ ਲਈ ਹੋਰ ਉਪਰਾਲੇ ਕਰੇਗਾ।