ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਸੰਧੂ ਨਾਲ ਮੁਲਾਕਾਤ ਨੇ ਚਰਚਾ ਛੇੜੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਨਵੰਬਰ
ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿੱਧੂ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਮੰਚ ਤੋਂ ਦੂਰ ਹੈ। ਖਾਸ ਕਰਕੇ ਡਾ. ਨਵਜੋਤ ਕੌਰ ਸਿੱਧੂ ਜੋ ਕੈਂਸਰ ਨਾਲ ਜੰਗ ਲੜਨ ਮਗਰੋਂ ਸਿਹਤਯਾਬ ਹੋਏ ਹਨ, ਨੇ ਆਪਣੇ ਤੌਰ ’ਤੇ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਕੀਤੀ ਹੈ। ਉਹ ਪਹਿਲਾਂ ਵੀ ਇੱਥੇ ਅੰਮ੍ਰਿਤਸਰ ਪੁੱਜੇ ਸਨ ਅਤੇ ਆਪਣੇ ਘਰ ਪੂਰਬੀ ਵਿਧਾਨ ਸਭਾ ਹਲਕੇ ਦੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ ਸੀ। ਉਹ ਪੂਰਬੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਦੀ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ। ਸੰਧੂ ਨੇ ਸੋਸ਼ਲ ਮੀਡੀਆ ਮੰਚ ’ਤੇ ਅੱਜ ਇਹ ਤਸਵੀਰਾਂ ਜਨਤਕ ਕੀਤੀਆਂ ਹਨ। ਦੋਵਾਂ ਵਿਚਾਲੇ ਅੰਮ੍ਰਿਤਸਰ ਦੇ ਵਿਕਾਸ ਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਹੋਇਆ ਹੈ। ਇੱਕ ਤਸਵੀਰ ਵਿੱਚ ਡਾਕਟਰ ਸਿੱਧੂ ਅਤੇ ਉਨ੍ਹਾਂ ਦੀ ਧੀ ਤਰਨਜੀਤ ਸਿੰਘ ਸੰਧੂ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ ਅਤੇ ਦੂਜੀ ਤਸਵੀਰ ਵਿੱਚ ਉਹ ਬੈਠੇ ਹੋਏ ਵਿਚਾਰ ਚਰਚਾ ਕਰਦੇ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ਤੋਂ ਬਾਅਦ ਦੋਵਾਂ ਆਗੂਆਂ ਨਾਲ ਹੀ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਹੈ ਪਰ ਸੰਪਰਕ ਨਹੀਂ ਹੋ ਸਕਿਆ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸਿੱਧੂ ਪਰਿਵਾਰ ਨੇ ਸਿਆਸਤ ਵਿੱਚ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਮੁਲਾਕਾਤ ਨੂੰ ਲੈ ਕੇ ਭਾਜਪਾ ਆਗੂਆਂ ਨੇ ਵੀ ਫਿਲਹਾਲ ਚੁੱਪ ਧਾਰੀ ਹੋਈ ਹੈ।