naxal killed during encounter: ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਨਕਸਲੀ ਹਲਾਕ
ਬੀਜਾਪੁਰ, 12 ਅਪਰੈਲ
ਇੱਥੋਂ ਦੇ ਕੋਲਨਾਰ ਖੇਤਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਅੱਜ ਇਕ ਨਕਸਲੀ ਮਾਰਿਆ ਗਿਆ। ਜਾਣਕਾਰੀ ਅਨੁਸਾਰ ਸੀਆਰਪੀਐਫ, ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਤੇ ਜ਼ਿਲ੍ਹਾ ਰਿਜ਼ਰਵ ਗਾਰਡ ਵਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਕਿ ਦਹਿਸ਼ਤੀ ਕਾਰਵਾਈਆਂ ਕਰਨ ਵਾਲੇ ਨਾਲ ਮੁਕਾਬਲਾ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਕਿਸੇ ਸੁਰੱਖਿਆ ਬਲ ਦੇ ਜਵਾਨ ਨੂੰ ਨੁਕਸਾਨ ਨਹੀਂ ਪੁੱਜਿਆ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਨਕਸਲੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਬਸਤਰ ਖੇਤਰ ਵਿੱਚ ਦੋ ਮੁਕਾਬਲਿਆਂ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦੇ ਘੱਟੋ-ਘੱਟ 30 ਮੈਂਬਰਾਂ ਨੂੰ ਮਾਰ ਦਿੱਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿੱਚ 26 ਨਕਸਲੀ ਮਾਰੇ ਗਏ, ਜਦੋਂ ਕਿ ਕਾਂਕੇਰ ਵਿੱਚ ਚਾਰ ਮਾਓਵਾਦੀ ਬੀਐੱਸਐੱਫ ਅਤੇ ਪੁਲੀਸ ਦੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੇ ਜਵਾਨਾਂ ਦੀ ਸਾਂਝੀ ਟੀਮ ਵੱਲੋਂ ਮਾਰੇ ਗਏ ਸਨ। ਬਸਤਰ ਰੇਂਜ ਦੇ ਇੰਸਪੈਕਟਰ ਜਨਰਲ ਆਫ ਪੁਲੀਸ ਸੁੰਦਰਰਾਜ ਪੀ. ਨੇ ਦੱਸਿਆ ਕਿ ਘਟਨਾ ਸਥਾਨ ਤੋਂ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਹੈ।