ਲੋੜਵੰਦ ਪਾੜ੍ਹਿਆਂ ਨੂੰ ਸਮੇਂ ਦਾ ਹਾਣੀ ਬਣਾਏਗੀ ਐੱਨਸੀਈਆਰਟੀ
ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 21 ਅਕਤੂਬਰ
ਨੈਸ਼ਨਲ ਕਾਊਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐੱਨਸੀਈਆਰਟੀ) ਨੇ ਗਰੀਬ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਵਿੱਚ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪਹਿਲਕਦਮੀ ਕੀਤੀ ਹੈ। ਕੌਮੀ ਸਿੱਖਿਆ ਸੰਸਥਾ ਵੱਲੋਂ ਹੁਣ ਇਨ੍ਹਾਂ ਵਿਦਿਆਰਥੀਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਜਿਸ ਤਹਿਤ ਜੇਈਈ, ਨੀਟ, ਐੱਸਐੱਸਸੀ ਤੇ ਹੋਰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ। ਇਸ ਤਹਿਤ ਵਿਦਿਅਕ ਮਾਹਿਰ ਆਨਲਾਈਨ ਲੈਕਚਰ ਦੇ ਕੇ ਵਿਦਿਆਰਥੀਆਂ ਨੂੰ ਪੜ੍ਹਾਉਣਗੇ ਤੇ ਉਨ੍ਹਾਂ ਦੇ ਸ਼ੰਕੇ ਦੂਰ ਕਰਨਗੇ। ਇਸ ਸਬੰਧੀ ਅੱਜ ਸੈਲਫ ਅਸੈਸਮੈਂਟ ਟੈਸਟ ਐਂਡ ਹੈਲਪ ਫਾਰ ਐਂਟਰੈਂਸ ਐਗਜ਼ਾਮ (ਸਾਥੀ) ਪੋਰਟਲ ਲਾਂਚ ਕੀਤਾ ਗਿਆ ਹੈ, ਜਿਸ ਵਿੱਚ ਪੜ੍ਹਨ ਲਈ ਆਨਲਾਈਨ ਮੁਫ਼ਤ ਸਮੱਗਰੀ ਮਿਲੇਗੀ ਤੇ ਇਸ ਜ਼ਰੀਏ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਗਰੀਬ ਵਿਦਿਆਰਥੀ ਮੋਟੀਆਂ ਫੀਸਾਂ ਨਾ ਦੇਣ ਕਾਰਨ ਸਿਖਲਾਈ ਤੋਂ ਵਾਂਝੇ ਰਹਿ ਜਾਂਦੇ ਹਨ ਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਪਛੜ ਜਾਂਦੇ ਹਨ। ਨਵੀਂ ਸਿੱਖਿਆ ਨੀਤੀ ਤਹਿਤ ਇਨ੍ਹਾਂ ਨੂੰ ਕੋਚਿੰਗ ਸੈਂਟਰਾਂ ਦੀ ਥਾਂ ਆਨਲਾਈਨ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਸਬੰਧੀ ਐੱਨਸੀਈਆਰਟੀ ਵੱਲੋਂ ਅੱਜ ਸਕੂਲਾਂ ਨੂੰ ਸਰਕੁਲਰ ਜਾਰੀ ਕੀਤਾ ਗਿਆ, ਜਿਸ ਵਿੱਚ ਦੱਸਿਆ ਗਿਆ ਹੈ ਕਿ ਇਸ ਪੋਰਟਲ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਲਈ ਮੌਕ ਟੈਸਟ ਲਏ ਜਾਣਗੇ। ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵੈਬੀਨਾਰ ਵੀ ਕਰਵਾਏ ਜਾਣਗੇ।