ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ: ਰੌੜੀ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਨਵੰਬਰ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਅੱਜ ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ ਦਾਖਲਾ, ਮਾਰਕੀਟਿਗ ਅਤੇ ਪੀ.ਆਰ ਵਿਭਾਗ ਵਲੋਂ ਕਰਵਾਏ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ‘ਸੈਨਰਜੀ-3’ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ। ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਸੈਲਫ਼ੀ ਮੇਕਿੰਗ, ਹੈਲਥ ਐਂਡ ਯੋਗਾ ਕਾਰਨਰ, ਲੇਖ ਲਿਖਣ, ਵਿਗਿਆਨ ਮੇਲਾ, ਕਾਮੇਡੀ ਆਦਿ ਦੇ ਮੁਕਾਬਲੇ ਕਰਵਾਏ ਗਏ।
ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
ਪਠਾਨਕੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਜਾਨਪੁਰ ਵਿੱਚ ਸਾਂਝ ਕੇਂਦਰ ਦੇ ਇੰਚਾਰਜ ਰਾਜ ਕੁਮਾਰ ਦੀ ਅਗਵਾਈ ਹੇਠ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡੀਐੱਸਪੀ ਨਾਰਕੋਟਿਕਸ ਦਿਲਬਾਗ ਸਿੰਘ ਮੁੱਖ ਰੂਪ ਵਿੱਚ ਸ਼ਾਮਲ ਹੋਏ। ਜਦ ਕਿ ਸਕੂਲ ਦੇ ਇੰਚਾਰਜ ਸੁੱਚਾ ਸਿੰਘ, ਲੈਕਚਰਾਰ ਕੌਸ਼ਲ ਕੁਮਾਰ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਏਐਸਆਈ ਵਿਜੇ ਕੁਮਾਰ ਆਦਿ ਵੀ ਹਾਜ਼ਰ ਸਨ। ਡੀਐਸਪੀ ਦਿਲਬਾਗ ਸਿੰਘ ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਰਿਹਾ ਹੈ, ਜਿਸ ਨੂੰ ਰੋਕਣ ਲਈ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਮਿਲ ਕੇ ਕੋਸ਼ਿਸ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਪੂਰਤੀ ਲਈ ਨਸ਼ੇ ਦਾ ਆਦੀ ਵਿਅਕਤੀ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਇਸ ਲਈ ਨਸ਼ੇ ਦੇ ਖਾਤਮੇ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀ ਆਪਣਾ ਨਸ਼ਾ ਛੱਡ ਕੇ ਆਮ ਸਮਾਜਿਕ ਜੀਵਨ ਜੀ ਸਕਦਾ ਹੈ। ਸਾਂਝ ਕੇਂਦਰ ਦੇ ਇੰਚਾਰਜ ਰਾਜ ਕੁਮਾਰ ਨੇ ਸਾਂਝ ਕੇਂਦਰ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।