ਪੰਥ ਵਿਰੋਧੀ ਤਾਕਤਾਂ ਤੋਂ ਚੌਕਸ ਰਹਿਣ ਦੀ ਲੋੜ: ਧਾਮੀ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 30 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਗੁੰਮਟ ’ਤੇ ਸੋਨਾ ਲਗਾਉਣ ਦੀ ਕਾਰ ਸੇਵਾ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦੀ ਹਾਜ਼ਰੀ ’ਚ ਸ਼ੁਰੂ ਕਰਵਾਈ ਗਈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮਾਤਾ ਗੁਜਰ ਕੌਰ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਦੇ ਸਸਕਾਰ ਅਸਥਾਨ ਤੇ ਗੁੰਮਟ ’ਤੇ ਸੋਨੇ ਦੀ ਕਾਰ ਸੇਵਾ ਬਾਬਾ ਬੱਲ ਅਤੇ ਗੁਰਮਿੰਦਰ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਉਪਰ ਚਲਦੇ ਹੋਏ ਪੰਥ ਵਿਰੋਧੀ ਤਾਕਤਾਂ ਤੋਂ ਚੌਕਸ ਰਹਿਣ ਦੀ ਲੋੜ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਨੇ ਅਰਦਾਸ ਕਰ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਬਸੀ ਪਠਾਣਾ ਦੇ ਇੰਚਾਰਜ ਦਲਬਾਰਾ ਸਿੰਘ ਗੁਰੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ, ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ, ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਬਰ ਭਾਈ ਰਵਿੰਦਰ ਸਿੰਘ ਖਾਲਸਾ, ਜਸਮੇਰ ਸਿੰਘ ਲਾਛੜੂ, ਸਾਬਕਾ ਉਪ ਪ੍ਰਧਾਨ ਅਵਤਾਰ ਸਿੰਘ ਰਿਆ, ਕੌਮੀ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਨਿਸ਼ਾਨ ਸਿੰਘ ਜ਼ੱਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਜੋਗਾ ਸਿੰਘ ਸੁਪਰਵਾਈਜਰ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਟੌਹੜਾ ਆਦਿ ਹਾਜ਼ਰ ਸਨ।