ਸਿੱਖ ਕੌਮ ਦੀ ਵੱਖਰੀ ਹੋਂਦ ਨੂੰ ਬਰਕਰਾਰ ਰੱਖਣ ਲਈ ਸੁਚੇਤ ਰਹਿਣ ਦੀ ਲੋੜ: ਧਾਮੀ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 22 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਵਿੱਚ ਪੰਥਕ ਰਵਾਇਤਾਂ ਮੁਤਾਬਕ ਕਰਵਾਏ ਗਏ। ਮੁੱਖ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਤਾ ਗੁਜਰ ਕੌਰ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ ਨਿਖਾਰਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਬਾਲ ਉਮਰੇ ਆਪਣੇ ਅਕੀਦੇ ਉੱਪਰ ਕਾਇਮ ਰਹਿੰਦਿਆਂ ਵੱਡੀ ਸ਼ਹਾਦਤ ਦੇਣ ਲਈ ਦ੍ਰਿੜ੍ਹ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਵਰਤਾਰੇ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀਆਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਦੀ ਵੱਖਰੀ ਹੋਂਦ ਤੇ ਹਸਤੀ ਨੂੰ ਰਲਗੱਡ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਤੇਜਾ ਸਿੰਘ ਖੁਡਾ ਕੁਰਾਲਾ, ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਕਾਹਲੋਂ ਅਤੇ ਗਿਆਨੀ ਭਗਵਾਨ ਸਿੰਘ ਜੌਹਲ ਨੇ ਵੀ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਕਵੀਸ਼ਰ ਗਿਆਨੀ ਗੁਰਮੁੱਖ ਐੱਮਏ ਦੀ ਪੁਸਤਕ ਵੀ ਰੀਲੀਜ਼ ਕੀਤੀ ਗਈ। ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਪਰਮਜੀਤ ਸਿੰਘ ਰਾਏਪੁਰ, ਮੈਂਬਰ ਰਣਜੀਤ ਸਿੰਘ ਕਾਹਲੋਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਮੌਜੂਦ ਸਨ।
ਅਕਾਲ ਤਖ਼ਤ ਇਕ ਇਮਾਰਤ ਨਹੀਂ ਸਗੋਂ ਸਿਧਾਂਤ ਹੈ: ਗਿਆਨੀ ਹਰਪ੍ਰੀਤ ਸਿੰਘ
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਤਾ ਗੁਜਰ ਕੌਰ ਸਬਰ, ਸਿਦਕ, ਸਹਿਣਸ਼ੀਲਤਾ ਦਾ ਮਹਾਨ ਸੋਮਾ ਅਤੇ ਵਿਸ਼ਾਲ ਜਿਗਰੇ ਵਾਲੇ ਸਨ। ਉਨ੍ਹਾਂ ਕਿਹਾ ਕਿ ਪੰਥ ਨੂੰ ਧਾਰਮਿਕ ਤੇ ਰਾਜਸੀ ਤੌਰ ’ਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਤੋਂ ਚੇਤੰਨ ਰਹਿਣਾ ਜ਼ਰੂਰੀ ਹੈ। ਉਨ੍ਹਾਂ ਅਕਾਲ ਤਖ਼ਤ ਦੀ ਗੱਲ ਕਰਦਿਆਂ ਕਿਹਾ ਕਿ ਇਹ ਇੱਕ ਇਮਾਰਤ ਨਹੀਂ, ਸਗੋਂ ਇੱਕ ਸਿਧਾਂਤ ਹੈ। ਇਮਾਰਤ ਨੂੰ ਤਾਂ ਢਾਹਿਆ ਜਾ ਸਕਦਾ ਹੈ, ਪਰ ਸਿਧਾਂਤ ਤੇ ਸੰਕਲਪ ਮੇਟੇ ਨਹੀਂ ਜਾ ਸਕਦੇ। ਉਨ੍ਹਾਂ ਕੌਮ ਨੂੰ ਆਪਣੀਆਂ ਸੰਸਥਾਵਾਂ ਦੇ ਸਿਧਾਂਤ ’ਤੇ ਪਹਿਰਾ ਦੇਣ ਲਈ ਕਿਹਾ।