ਔਰਤਾਂ ਦੇ ਹਿੱਤਾਂ ਦੀ ਰਾਖੀ ਨੂੰ ਪਹਿਲ ਦੇਣ ਦੀ ਲੋੜ: ਮਮਤਾ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 12 ਦਸੰਬਰ
ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਓਲਡ ਏਜ ਹੋਮ ਵਿੱਚ ਰਹਿ ਰਹੀਆਂ ਔਰਤਾਂ ਦੀ ਸਮੇਂ ਸਿਰ ਮੈਡੀਕਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੇ ਆਯੂਸ਼ਮਾਨ ਕਾਰਡ ਵੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਔਰਤਾਂ ਦੇ ਹਿੱਤਾਂ ਦੀ ਰਾਖੀ ਨੂੰ ਪਹਿਲ ਦਿੱਤੀ ਜਾਵੇ। ਇਸ ਤੋਂ ਪਹਿਲਾਂ ਕਮਿਸ਼ਨ ਦੀ ਮੈਂਬਰ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੇ ਔਰਤਾਂ ਦੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।
ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਹੀ ਕੋਰਟ ਲਗਾ ਕੇ ਇਨ੍ਹਾਂ ਦੇ ਕੇਸਾਂ ਦਾ ਨਿਬੇੜਾ ਕੀਤਾ ਜਾਵੇ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਮਹਿਲਾ ਕੈਦੀਆਂ ਦੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਵਾਈ ਜਾਵੇ ਤਾਂ ਜੋ ਡਿਪਰੈਸ਼ਨ ਦਾ ਸ਼ਿਕਾਰ ਨਾ ਹੋਣ।
ਉਨ੍ਹਾਂ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਸਬੰਧੀ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰੀ ਜੇਲ੍ਹ ਵਿੱਚ ਮਹਿਲਾ ਬੰਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਬੰਦੀਆਂ ਕੋਲ ਅਧਾਰ ਕਾਰਡ ਹੋਣੇ ਲਾਜ਼ਮੀ ਹਨ, ਜਿਸ ਲਈ ਕੇਂਦਰੀ ਜੇਲ੍ਹ ਵਿੱਚ ਕੈਂਪ ਲਾਇਆ ਜਾਵੇ। ਕੇਂਦਰੀ ਜੇਲ੍ਹ ਵਿੱਚ ਬੰਦ ਵਿਧਵਾ ਮਹਿਲਾਵਾਂ ਨੂੰ ਪੈਨਸ਼ਨ ਦੇਣ ਦੀ ਵਿਵਸਥਾ ਕੀਤੀ ਜਾਵੇ।
ਉਨ੍ਹਾਂ ਮਹਿਲਾ ਬੰਦੀਆਂ ਨੂੰ ਜੇਲ੍ਹ ਅੰਦਰ ਉਨ੍ਹਾਂ ਦੇ ਹੁਨਰ ਮੁਤਾਬਿਕ ਕੰਮ ਦੇਣ ਦੀ ਵਿਵਸਥਾ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀਆਂ ਦੀ ਜ਼ਮਾਨਤ ਹੋ ਚੁੱਕੀ ਹੈ, ਪਰ ਉਨ੍ਹਾਂ ਕੋਲ ਮੁਚੱਲਕਾ ਭਰਨ ਲਈ ਪੈਸੇ ਨਹੀਂ ਹਨ, ਬਾਰੇ ਕੇਸਾਂ ਨੂੰ ਤੁਰੰਤ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਭੇਜਣ ਦੇ ਹੁਕਮ ਦਿੱਤੇ। ਕਮਿਸ਼ਨ ਵੱਲੋਂ ਭਾਈ ਘਨ੍ਹੱਈਆ ਜੀ ਬਿਰਧ ਆਸ਼ਰਮ ਦਾ ਦੌਰਾ ਕਰਕੇ ਔਰਤਾਂ ਨਾਲ ਗੱਲਬਾਤ ਕੀਤੀ। ਬੰਦੀਆਂ ਨੂੰ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਪੈਨਸ਼ਨ ਤੇ ਹੋਰ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਸਰਕਾਰ ਵਲੋ ਚੱਲ ਰਹੀਆਂ ਦਾ ਸਕੀਮਾਂ ਦਾ ਲਾਭ ਮਿਲ ਸਕੇ।