ਉਚੇਰੀ ਸਿੱਖਿਆ ਨੂੰ ਕਿੱਤਾਮੁਖੀ ਸਿੱਖਿਆ ਬਣਾਉਣ ਦੀ ਲੋੜ: ਬੈਂਸ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜੁਲਾਈ
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਬਦਲਦੇ ਮੁਹਾਂਦਰੇ ਨੂੰ ਦਰਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ’ਤੇ ਵਰਕਸ਼ਾਪ ਵਿੱਚ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਿਰਾਂ ਨੂੰ ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣ ਦਾ ਸੁਝਾਅ ਦਿੱਤਾ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਵੱਲ ਹੈ ਅਤੇ ਜੇ ਇਨ੍ਹਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਤ ਹੋ ਸਕਦੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ। ਸਿੱਖਿਆ ਮੰਤਰੀ ਨੇ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਹੋਇਆ ਹੈ, ਉਸ ਤਰ੍ਹਾਂ ਦੀ ਤਬਦੀਲੀ ਉੱਚ ਸਿੱਖਿਆ ਦੇ ਵਿਸ਼ਿਆਂ ਨੂੰ ਲੈ ਕੇ ਵੀ ਕੀਤੀ ਜਾਣੀ ਚਾਹੀਦੀ ਹੈ।
ਅਧਿਆਪਕ ਐਸੋਸੀਏਸ਼ਨ ਵੱਲੋਂ ਸਮਾਗਮ ਦਾ ਬਾਈਕਾਟ
ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ-ਅਨਏਡਿਡ ਕਾਲਜਾਂ ਦੇ ਅਧਿਆਪਕਾਂ ਦੀ ਐਸੋਸੀਏਸ਼ਨ ਆਫ ਯੂਨਾਈਟਿਡ ਕਾਲਜ ਟੀਚਰਜ਼ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ ਅਤੇ ਇਸ ਨੂੰ ਬੇਲੋੜਾ ਅਭਿਆਸ ਦੱਸਿਆ। ਏਯੂਸੀਟੀ ਦੇ ਬੁਲਾਰੇ ਨੇ ਕਿਹਾ ਕਿ ਜ਼ਿਆਦਾਤਰ ਪ੍ਰਾਈਵੇਟ ਕਾਲਜ ਅਪਣੀ ਹੋਂਦ ਬਚਾਉਣ ਲਈ ਲੜਾਈ ਲੜ ਰਹੇ ਹਨ, ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਔਸਤ ਦਾਖਲਾ ਫ਼ੀਸਦ ਘਟ ਰਹੀ ਹੈ, ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਇਸ ਨਾਲ ਸਿੱਖਿਆ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ।