ਕਾਂਗਰਸ ਦੀ ਮਜ਼ਬੂਤੀ ਲਈ ਸਖ਼ਤ ਫ਼ੈਸਲੇ ਲੈਣ ਦੀ ਲੋੜ: ਖੜਗੇ
* ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਮਹਾਰਾਸ਼ਟਰ ਅਤੇ ਹਰਿਆਣਾ ਚੋਣਾਂ ’ਚ ਮਿਲੀ ਹਾਰ ਬਾਰੇ ਕੀਤੀ ਚਰਚਾ
* ਕਾਂਗਰਸ ਪ੍ਰਧਾਨ ਨੇ ਆਗੂਆਂ ਨੂੰ ਇਕਜੁੱਟ ਰਹਿਣ ਦਾ ਦਿੱਤਾ ਸੁਨੇਹਾ
ਨਵੀਂ ਦਿੱਲੀ, 29 ਨਵੰਬਰ
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਹਾਰ ’ਤੇ ਚਰਚਾ ਲਈ ਅੱਜ ਕਾਂਗਰਸ ਆਗੂਆਂ ਨੇ ਮੀਟਿੰਗ ਕੀਤੀ, ਜਿਸ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਫ਼ੈਸਲੇ ਲੈਣੇ ਪੈਣਗੇ ਅਤੇ ਜਵਾਬਦੇਹੀ ਤੈਅ ਕਰਨੀ ਹੋਵੇਗੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹੇਠਲੇ ਪੱਧਰ ਤੋਂ ਆਲ ਇੰਡੀਆ ਕਾਂਗਰਸ ਕਮੇਟੀ ਤੱਕ ਬਦਲਾਅ ਕਰਨੇ ਪੈਣਗੇ। ਆਗੂਆਂ ਨੂੰ ਇਕਜੁੱਟ ਰਹਿਣ ਦਾ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਇਕ-ਦੂਜੇ ਖ਼ਿਲਾਫ਼ ਜਨਤਕ ਤੌਰ ’ਤੇ ਕੋਈ ਇਤਰਾਜ਼ਯੋਗ ਟਿੱਪਣੀਆਂ ਨਾ ਕਰਨ।
ਇਥੇ ਪਾਰਟੀ ਦਫ਼ਤਰ ’ਤੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਨੇ ਚੋਣ ਅਮਲ ਨੂੰ ‘ਸ਼ੱਕੀ’ ਬਣਾ ਦਿੱਤਾ ਹੈ ਅਤੇ ਇਹ ਚੋਣ ਕਮਿਸ਼ਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ ਕਿ ਉਹ ਮੁਲਕ ਅੰਦਰ ਨਿਰਪੱਖ ਅਤੇ ਆਜ਼ਾਦ ਢੰਗ ਨਾਲ ਚੋਣਾਂ ਯਕੀਨੀ ਬਣਾਏ। ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਏਕਤਾ ਦੀ ਘਾਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਹੀ ਆਗੂਆਂ ਖ਼ਿਲਾਫ਼ ਬਿਆਨਾਂ ਨਾਲ ਪਾਰਟੀ ਦਾ ਵੱਡਾ ਨੁਕਸਾਨ ਹੁੰਦਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ, ‘‘ਜਦੋਂ ਤੱਕ ਅਸੀਂ ਰਲ ਕੇ ਚੋਣਾਂ ਨਹੀਂ ਲੜਦੇ ਅਤੇ ਇਕ-ਦੂਜੇ ਖ਼ਿਲਾਫ਼ ਬਿਆਨ ਦੇਣ ਤੋਂ ਨਹੀਂ ਰੁਕਦੇ, ਅਸੀਂ ਆਪਣੇ ਵਿਰੋਧੀਆਂ ਨੂੰ ਕਿਵੇਂ ਹਰਾ ਸਕਾਂਗੇ।’’ ਖੜਗੇ ਨੇ ਚੋਣ ਨਤੀਜਿਆਂ ਤੋਂ ਸਬਕ ਲੈ ਕੇ ਪਾਰਟੀ ਦੀਆਂ ਖਾਮੀਆਂ ਦੂਰ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਰੋਧੀਆਂ ਦੇ ਕੂੜ ਪ੍ਰਚਾਰ ਦੇ ਟਾਕਰੇ ਲਈ ਢੁੱਕਵੀਂ ਰਣਨੀਤੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੱਖ ’ਚ ਚਲਦੀ ਲਹਿਰ ਨੂੰ ਨਤੀਜਿਆਂ ’ਚ ਤਬਦੀਲ ਕਰਨ ਲਈ ਰਣਨੀਤੀ ਤਿਆਰ ਕਰਨੀ ਹੋਵੇਗੀ। ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਕਿਹਾ ਕਿ ਉਹ ਭਵਿੱਖ ’ਚ ਆਉਣ ਵਾਲੀਆਂ ਚੋਣਾਂ ਲਈ ਹੁਣੇ ਤੋਂ ਕਮਰ ਕੱਸ ਲੈਣ। ਖੜਗੇ ਨੇ ਕਿਹਾ ਕਿ ਕਾਂਗਰਸ ਭਾਵੇਂ ਚੋਣਾਂ ਹਾਰ ਗਈ ਹੈ ਪਰ ਦੇਸ਼ ’ਚ ਬੇਰੁਜ਼ਗਾਰੀ, ਮਹਿੰਗਾਈ ਅਤੇ ਆਰਥਿਕ ਨਾਬਰਾਬਰੀ ਵਰਗੇ ਮਸਲੇ ਕਾਇਮ ਹਨ। ਉਨ੍ਹਾਂ ਕਿਹਾ ਕਿ ਜਾਤੀਗਤ ਜਨਗਨਣਾ ਵੀ ਅਹਿਮ ਮੁੱਦਾ ਹੈ। ਮੀਟਿੰਗ ’ਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਜੈਰਾਮ ਰਮੇਸ਼ ਅਤੇ ਹੋਰ ਆਗੂ ਵੀ ਹਾਜ਼ਰ ਸਨ। -ਪੀਟੀਆਈ
ਚੋਣ ਅਮਲ ਦੀ ਪਵਿੱਤਰਤਾ ਨਾਲ ਸਮਝੌਤਾ ਕੀਤਾ ਜਾ ਰਿਹੈ: ਕਾਂਗਰਸ
ਨਵੀਂ ਦਿੱਲੀ:
ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਕਿਹਾ ਹੈ ਕਿ ਦੇਸ਼ ’ਚ ਚੋਣ ਅਮਲ ਦੀ ਪਵਿੱਤਰਤਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਇਸ ਸਬੰਧ ’ਚ ਲੋਕਾਂ ਦੀਆਂ ਚਿੰਤਾਵਾਂ ਨੂੰ ਕੌਮੀ ਅੰਦੋਲਨ ਵਜੋਂ ਉਭਾਰੇਗੀ। ਸੀਡਬਲਿਊਸੀ ਨੇ ਸੰਭਲ ਹਿੰਸਾ ਦੇ ਸਬੰਧ ’ਚ ਦੋਸ਼ ਲਾਇਆ ਕਿ ਭਾਜਪਾ ਵੱਲੋਂ ਪੂਜਾ ਅਸਥਾਨ ਸਬੰਧੀ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਮਤੇ ’ਚ ਕਿਹਾ ਗਿਆ ਕਿ ਮਨੀਪੁਰ ’ਚ ਹਿੰਸਾ ਜਾਰੀ ਰਹਿਣ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜ ਲਿਆ ਹੈ। ਪਾਰਟੀ ਨੇ ਚੋਣਾਂ ’ਚ ਪ੍ਰਦਰਸ਼ਨ ਅਤੇ ਸੰਗਠਨ ਦੇ ਮਾਮਲਿਆਂ ਨੂੰ ਲੈ ਕੇ ਕਮੇਟੀਆਂ ਬਣਾਉਣ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ