ਨੀਨਾ ਮਿੱਤਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 17 ਸਤੰਬਰ
‘ਆਪ’ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਪਿਲਖਣੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸਹਿਯੋਗ ਨਾਲ ਹੀ ਅੱਜ ਇਸ ਅਹੁਦੇ ’ਤੇ ਪਹੁੰਚੇ ਹਨ, ਇਸ ਲਈ ਉਨ੍ਹਾਂ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਹਲਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਲਈ ਉਹ ਖ਼ੁਦ ਜਨਤਾ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਹੋਏ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਤਰਜੀਹ ਦਿੰਦੇ ਹਨ। ਵਿਧਾਇਕਾ ਨੇ ਕਿਹਾ ਕਿ ਉਹ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਦੇ ਇਮਾਨਦਾਰ ਵਿਅਕਤੀ ਦੀ ਚੋਣ ਕਰਨ ਅਤੇ ਪਿੰਡਾ ਵਿੱਚ ਸਰਬਸੰਮਤੀ ਨਾਲ ਗ੍ਰਾਮ ਪੰਚਾਇਤਾਂ ਚੁਣਨ ਨੂੰ ਤਰਜੀਹ ਦੇਣ। ਇਸ ਮੌਕੇ ਜਸਪਾਲ ਸਿੰਘ, ਗੁਰਦੀਪ ਸਿੰਘ, ਗੁਰਨਾਮ ਸਿੰਘ, ਗੁਰਜਿੰਦਰ ਸਿੰਘ, ਜੋਗਿੰਦਰ ਸਿੰਘ ਆਦਿ ਨੇ ਪਿੰਡ ਦੇ ਗੁਰਦੁਆਰੇ ਵਾਲੀ ਅਧੂਰੀ ਸੜਕ ਬਣਾਉਣ ਦੀ ਮੰਗ ਨੂੰ ਪੂਰਾ ਕਰਨ ਬਦਲੇ ਵਿਧਾਇਕਾ ਦਾ ਸਨਮਾਨ ਕੀਤਾ।