* ਵਿਸ਼ੇਸ਼ ਅਦਾਲਤ ’ਚ ਛੇਤੀ ਹੋ ਸਕਦੀ ਹੈ ਸੁਣਵਾਈ
ਨਵੀਂ ਦਿੱਲੀ, 17 ਮਈ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਕੇਸ ’ਚ ਨਵੀਂ ਚਾਰਜਸ਼ੀਟ ਦਾਖ਼ਲ ਕੀਤੀ ਹੈ ਜਿਸ ’ਚ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕੋਈ ਮੌਜੂਦਾ ਮੁੱਖ ਮੰਤਰੀ ਅਤੇ ਸਿਆਸੀ ਪਾਰਟੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਇਥੇ ਵਿਸ਼ੇਸ਼ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਵੱਲੋਂ ਆਉਂਦੇ ਦਿਨਾਂ ’ਚ ਚਾਰਜਸ਼ੀਟ ਦੇ ਸਬੰਧ ’ਚ ਸੁਣਵਾਈ ਕੀਤੀ ਜਾ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਈਡੀ ਨੇ ਮੁਲਜ਼ਮ ਖ਼ਿਲਾਫ਼ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ’ਚ ਈਡੀ ਵੱਲੋਂ ਇਹ ਅੱਠਵੀਂ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਜਿਸ ’ਚ ਅਜੇ ਤੱਕ 18 ਵਿਅਕਤੀ ਗ੍ਰਿਫ਼ਤਾਰ ਹੋ ਚੁੱਕੇ ਹਨ। ਪਿਛਲੇ ਹਫ਼ਤੇ ਏਜੰਸੀ ਨੇ ਬੀਆਰਐੱਸ ਆਗੂ ਅਤੇ ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਅਤੇ ਚਾਰ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਈਡੀ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਮੁੱਖ ਮੰਤਰੀ ਨੂੰ ਮੁੱਖ ਸਰਗਨਾ ਅਤੇ ਸਾਜ਼ਿਸ਼ਘਾੜਾ ਕਰਾਰ ਦਿੱਤਾ ਹੈ। ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਸੁਪਰੀਮ ਕੋਰਟ ਨੂੰ ਵੀਰਵਾਰ ਨੂੰ ਦੱਸਿਆ ਕਿ ਕੇਜਰੀਵਾਲ ਨੇ ਆਬਕਾਰੀ ਨੀਤੀ (ਹੁਣ ਰੱਦ ਹੋ ਚੁੱਕੀ) ਘੜਨ ’ਚ ਅਹਿਮ ਭੂਮਿਕਾ ਨਿਭਾਈ ਸੀ। ਈਡੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ‘ਆਪ’ ਇੱਕ ਸਿਆਸੀ ਪਾਰਟੀ ਹੋਣ ਦੇ ਨਾਤੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਵਿਅਕਤੀਗਤ ਨਾਗਰਿਕਾਂ ਦੀ ਐਸੋਸੀਏਸ਼ਨ ਜਾਂ ਸੰਸਥਾ ਵਜੋਂ ਪਰਿਭਾਸ਼ਿਤ ਕੀਤੀ ਗਈ ਹੈ ਅਤੇ ਇਸ ਲਈ ਉਸ ਨੂੰ ਪੀਐੱਮਐੱਏ ਦੀ ਧਾਰਾ 70 ਤਹਿਤ ਇੱਕ ‘ਕੰਪਨੀ’ ਵਜੋਂ ਸ਼੍ਰੇਣੀਬੱਧ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਕਥਿਤ ਕੰਪਨੀ ‘ਆਪ’ ਦੇ ਮੁਖੀ ਅਤੇ ਜਵਾਬਦੇਹ ਹੋਣ ਕਰਕੇ ਦੋਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਦੋਸ਼ੀ ਠਹਿਰਾਅ ਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। -ਪੀਟੀਆਈ
ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਉਂਜ ਸਿਖਰਲੀ ਅਦਾਲਤ ਨੇ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ’ਚ ਜਾਣ ਦੀ ਛੋਟ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਅਤੇ ਐੱਨਫੋਰਸਮੈਂਟ ਡਾਇਰੈਕਟੋਰੇਟ ਤਰਫ਼ੋਂ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ। ਬੈਂਚ ਨੇ ਆਪਣੇ ਹੁਕਮ ’ਚ ਕਿਹਾ, ‘‘ਦਲੀਲਾਂ ਸੁਣੀਆਂ ਗਈਆਂ। ਫ਼ੈਸਲਾ ਸੁਰੱਖਿਅਤ ਹੈ। ਉਂਜ ਅਰਜ਼ੀਕਾਰ ਕਾਨੂੰਨ ਮੁਤਾਬਕ ਜ਼ਮਾਨਤ ਲਈ ਹੇਠਲੀ ਅਦਾਲਤ ਦਾ ਰੁਖ਼ ਕਰ ਸਕਦੇ ਹਨ।’’ ਸਿਖਰਲੀ ਅਦਾਲਤ ਨੇ ਮਾਮਲੇ ਦੀ ਫਾਈਲ ਅਤੇ 30 ਅਕਤੂਬਰ, 2023 ਮਗਰੋਂ ਦਰਜ ਕੀਤੇ ਗਏ ਗਵਾਹਾਂ ਅਤੇ ਮੁਲਜ਼ਮਾਂ ਦੇ ਬਿਆਨ ’ਤੇ ਵਿਚਾਰ ਕੀਤਾ। ਉਸੇ ਦਿਨ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਸਿਸੋਦੀਆ ਭ੍ਰਿਸ਼ਟਾਚਾਰ ਅਤੇ ਕਥਿਤ ਘੁਟਾਲੇ ਨਾਲ ਜੁੜੇ ਮਾਮਲੇ ’ਚ ਮੁਲਜ਼ਮ ਹਨ। -ਪੀਟੀਆਈ
ਸੋਰੇਨ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ ਦੀ ਜਵਾਬ ਤਲਬੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ ਲੋਕ ਸਭਾ ਚੋਣਾਂ ’ਚ ਪ੍ਰਚਾਰ ਲਈ ਮਨੀ ਲਾਂਡਰਿੰਗ ਕੇਸ ਵਿਚ ਮੰਗੀ ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ 20 ਮਈ ਤੱਕ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਸੰਘੀ ਏਜੰਸੀ ਨੂੰ ਸੋਰੇਨ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ਼ ਦਾਇਰ ਪਟੀਸ਼ਨ ’ਤੇ ਵੀ ਸੰਖੇਪ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਮਸਲੇ ’ਤੇ ਅਗਲੀ ਸੁਣਵਾਈ 21 ਮਈ ਨੂੰ ਵੈਕੇਸ਼ਨ ਬੈਂਚ ਵੱਲੋਂ ਕੀਤੀ ਜਾਵੇਗੀ। ਸੋਰੇਨ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦਲੀਲ ਦਿੱਤੀ ਕਿ ਜੇਕਰ ਅੰਤਰਿਮ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਝਾਰਖੰਡ ਮੁਕਤੀ ਮੋਰਚਾ ਆਗੂ ਵੱਲੋਂ 2 ਜੂਨ ਨੂੰ ਆਤਮ-ਸਮਰਪਣ ਕਰ ਦਿੱਤਾ ਜਾਵੇਗਾ। ਉਧਰ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਕਿਹਾ ਕਿ ਸੋਰੇਨ ਨੂੰ ਬਹੁਤ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸ ਨੇ ਆਪਣੀ ਨਿਯਮਤ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਫੈਸਲੇ ਨੂੰ ਵੀ ਚੁਣੌਤੀ ਨਹੀਂ ਦਿੱਤੀ। -ਪੀਟੀਆਈ