For the best experience, open
https://m.punjabitribuneonline.com
on your mobile browser.
Advertisement

ਨਵੇਂ ਫ਼ੌਜਦਾਰੀ ਕਾਨੂੰਨ: ਚੰਡੀਗੜ੍ਹ ਵਿੱਚ ਪਹਿਲੇ ਦਿਨ ਦੋ ਕੇਸ ਦਰਜ

06:38 AM Jul 02, 2024 IST
ਨਵੇਂ ਫ਼ੌਜਦਾਰੀ ਕਾਨੂੰਨ  ਚੰਡੀਗੜ੍ਹ ਵਿੱਚ ਪਹਿਲੇ ਦਿਨ ਦੋ ਕੇਸ ਦਰਜ
ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 1 ਜੁਲਾਈ
ਦੇਸ਼ ਵਿੱਚ ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਹੁੰਦਿਆਂ ਹੀ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਹਿਲੇ ਹੀ ਦਿਨ ਦੋ ਪੁਲੀਸ ਕੇਸ ਦਰਜ ਕੀਤੇ ਗਏ ਹਨ। ਇਹ ਦੋਵੇਂ ਕੇਸ ਥਾਣਾ ਸਨਅਤੀ ਏਰੀਆ ਦੀ ਪੁਲੀਸ ਵੱਲੋਂ ਦਰਜ ਕੀਤੇ ਗਏ ਹਨ, ਜਿਨ੍ਹਾਂ ਨੇ ਚੋਰੀ ਤੇ ਕੁੱਟਮਾਰ ਦੀ ਸ਼ਿਕਾਇਤ ਮਗਰੋਂ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਵਿੱਚ ਸਨਅਤੀ ਏਰੀਆ ਵਿੱਚ ਚੋਰੀ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਪੜਤਾਲ ਕੀਤੀ ਤੇ ਕੇਸ ਦਰਜ ਕੀਤਾ ਹੈ। ਦੂਜੇ ਮਾਮਲੇ ਵਿੱਚ ਪੁਲੀਸ ਨੂੰ ਇਕ ਨੌਜਵਾਨ ਦੀ 5-6 ਵਿਅਕਤੀਆਂ ਵੱਲੋਂ ਕੁੱਟਮਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ। ਪੁਲੀਸ ਨੇ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਪੀੜਤ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਅਤੇ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਵੱਲੋਂ ਥਾਣਾ ਸੈਕਟਰ-17 ਵਿੱਚ ਨਵੇਂ ਕਾਨੂੰਨਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ, ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਅਤੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਸਣੇ ਪੁਲੀਸ ਦੇ ਹੋਰ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨੇ ਸ਼ਹਿਰ ਦੇ ਲੋਕਾਂ ਨੂੰ ਨਵੇਂ ਫ਼ੌਜਦਾਰੀ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਇਕ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੇ ਨਾਲ ਹੀ ਸਲਾਹਕਾਰ ਨੇ ਵੱਖ-ਵੱਖ ਥਾਣਿਆਂ ਦੇ ਪੁਲੀਸ ਅਧਿਕਾਰੀਆਂ ਨੂੰ ਨਵੇਂ ਟੈਬਲੇਟ ਸੌਂਪੇ। ਇਨ੍ਹਾਂ ਵਿੱਚ ਨਵੇਂ ਫੌਜਦਾਰੀ ਕਾਨੂੰਨਾਂ ਸਬੰਧੀ ਸਾਫਟਵੇਅਰ ਅਪਡੇਟ ਕੀਤੇ ਗਏ ਸਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਦੀਪਕ ਬਜਾਜ ਨੇ ਕਿਹਾ ਕਿ ਨਵੇਂ ਕਾਨੂੰਨਾਂ ਤਹਿਤ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੀੜਤ ਵਿਅਕਤੀ ਦੇ ਹਿੱਤ ਵਿੱਚ ਤਿਆਰ ਕੀਤੇ ਗਏ ਹਨ।

Advertisement

ਨਵੇਂ ਕਾਨੂੰਨ: ਮੁਹਾਲੀ ਦੇ ਫੇਜ਼-1 ਥਾਣੇ ਵਿੱਚ ਪਹਿਲਾ ਕੇਸ ਦਰਜ

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅੱਜ ਪਹਿਲੀ ਜੁਲਾਈ ਤੋਂ ਦੇਸ਼ ਵਿੱਚ ਲਾਗੂ ਕੀਤੇ ਤਿੰਨ ਨਵੇਂ ਕਾਨੂੰਨਾਂ ਤਹਿਤ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਤਹਿਤ ਮੁਹਾਲੀ ਦਾ ਪਹਿਲਾ ਕੇਸ ਇੱਥੋਂ ਦੇ ਫੇਜ਼-1 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਹ ਕੇਸ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਵਾਹਨ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਧਾਰਾ 303 (2), 317 (2), 317 (5) ਬੀਐੱਨਐੱਸ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਕੋਲੋਂ ਕੁੱਲ ਪੰਜ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਬੀਐੱਨਐੱਸ ਲਾਗੂ ਕਰਨ ਦੇ ਪਹਿਲੇ ਦਿਨ ਕੁੱਲ ਤਿੰਨ ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ।

ਪੀੜਤ ਕਿਸੇ ਵੀ ਥਾਣੇ ਵਿੱਚ ਦੇ ਸਕੇਗਾ ਸ਼ਿਕਾਇਤ: ਕੰਵਰਦੀਪ ਕੌਰ

ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਨਵੇਂ ਫ਼ੌਜਦਾਰੀ ਕਾਨੂੰਨ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਅਤੇ ਪੀੜਤਾਂ ਦੇ ਹਿੱਤ ਵਿੱਚ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਅਨੁਸਾਰ ਘਟਨਾ ਕਿਸੇ ਵੀ ਥਾਂ ਵਾਪਰੀ ਹੋਵੇ, ਹੁਣ ਪੀੜਤ ਹਰ ਪੁਲੀਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਪੀੜਤ ਆਨਲਾਈਨ ਵੀ ਸ਼ਿਕਾਇਤ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਨੂੰ ਕੇਸ ਦਰਜ ਹੋਣ ਤੋਂ 60 ਤੋਂ 90 ਦਿਨਾਂ ਵਿਚਕਾਰ ਜਾਂਚ ਬਾਰੇ ਜਾਣੂੰ ਕਰਵਾਇਆ ਜਾਵੇਗਾ ਜਦੋਂਕਿ ਅਦਾਲਤ ਵਿੱਚ ਚਲਾਨ ਪੇਸ਼ ਕਰਨ ਤੋਂ ਬਾਅਦ ਇਸ ਦੀ ਕਾਪੀ ਵੀ ਮੁਲਜ਼ਮ ਨੂੰ ਦਿੱਤੀ ਜਾਵੇਗੀ। ਐੱਸਐੱਸਪੀ ਨੇ ਕਿਹਾ ਕਿ ਨਵੇਂ ਕਾਨੂੰਨਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਇਨਸਾਫ਼ ਮਿਲ ਸਕੇਗਾ।

ਬੁੜੈਲ ਜੇਲ੍ਹ ’ਚ 32 ਵਰਚੁਅਲ ਕੋਰਟ ਸਥਾਪਤ

ਨਵੇਂ ਕਾਨੂੰਨਾਂ ਦੇ ਲਾਗੂ ਹੋਣ ਕਰ ਕੇ ਚੰਡੀਗੜ੍ਹ ਵਿੱਚ ਸਥਿਤ ਮਾਡਲ ਜੇਲ੍ਹ ਬੁੜੈਲ ਵਿੱਚ ਵੀ 32 ਵਰਚੁਅਲ ਕੋਰਟ ਸਥਾਪਿਤ ਕੀਤੇ ਗਏ ਹਨ ਜਿੱਥੇ ਜੇਲ੍ਹਾਂ ਵਿੱਚ ਬੰਦ ਵਿਚਾਰ ਅਧੀਨ ਕੈਦੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਜੇਲ੍ਹ ਸੁਪਰਡੈਂਟ ਰਾਜ ਕੁਮਾਰ ਸਿੰਘ ਨੇ ਸਾਰੇ ਬੰਦੀਆਂ ਨੂੰ ਵੀ ਨਵੇਂ ਕਾਨੂੰਨਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਬੰਦੀਆਂ ਨੂੰ ਅਦਾਲਤ ਲਿਜਾਣ ’ਤੇ ਹੋਣ ਵਾਲੇ ਖ਼ਰਚ ਵਿੱਚ ਵੀ ਕਟੌਤੀ ਹੋਵੇਗੀ। ਇਸ ਦੇ ਨਾਲ ਹੀ ਅਦਾਲਤੀ ਕਾਰਵਾਈ ਦੌਰਾਨ ਕੈਦੀਆਂ ਦੇ ਭੱਜਣ ਦੀਆਂ ਘਟਨਾਵਾਂ ਵੀ ਬੰਦ ਹੋ ਜਾਣਗੀਆਂ।

Advertisement
Author Image

joginder kumar

View all posts

Advertisement
Advertisement
×