For the best experience, open
https://m.punjabitribuneonline.com
on your mobile browser.
Advertisement

ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ

07:16 PM May 21, 2025 IST
ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ
Advertisement
ਜਗਤਾਰ ਸਿੰਘ ਲਾਂਬਾ
Advertisement

ਅੰਮ੍ਰਿਤਸਰ, 21 ਮਈ

Advertisement
Advertisement

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਇੱਕ ਆਦੇਸ਼ ਦੇ ਮੋੜਵੇਂ ਜਵਾਬ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਪੰਜ ਪਿਆਰਿਆਂ ਦੇ ਨਾਲ ਮੀਟਿੰਗ ਕਰਕੇ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਨੂੰ ਨਾ ਸਿਰਫ ਰੱਦ ਕੀਤਾ ਗਿਆ ਸਗੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਗਿਆ। ਇਸੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਜਿਸ਼ਘਾੜਾ ਆਖਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਇਹ ਮੀਟਿੰਗ ਜਥੇਦਾਰ ਭਾਈ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਭਾਈ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਹੋਏ ਹਨ।

ਮੀਟਿੰਗ ਤੋਂ ਬਾਅਦ ਉਨ੍ਹਾਂ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕੀਤਾ ਹੈ। ਇਹ ਹੁਕਮਨਾਮਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਸੋਸ਼ਲ ਮੀਡੀਆ ਸਾਈਟ ’ਤੇ ਵੀ ਅਪਲੋਡ ਕੀਤਾ ਗਿਆ ਹੈ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।

ਹੁਕਮਨਾਮੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਕਥਿਤ ਅਤੇ ਆਪੇ ਥਾਪੇ ਜਥੇਦਾਰ ਦੱਸਿਆ ਹੈ।

ਸ੍ਰੀ ਅਕਾਲ ਤਖ਼ਤ ਤੋਂ ਅੱਜ ਜਾਰੀ ਕੀਤੇ ਗਏ ਆਦੇਸ਼ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਇਸ ਨੂੰ ਰੱਦ ਕਰ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਅੱਜ ਤੋਂ ਸ੍ਰੀ ਅਕਾਲ ਤਖ਼ਤ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀ ਮੰਨਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਕੀਤੀ ਗਈ ਕਾਰਵਾਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸੰਵਿਧਾਨ ਅਤੇ ਉਪ ਨਿਯਮ ਨੂੰ ਚੁਣੌਤੀ ਦੇਣ ਵਾਲੀ ਹੈ, ਪ੍ਰਬੰਧਕੀ ਕਮੇਟੀ ਦੇ ਅਧਿਕਾਰ ਅਤੇ ਸ਼ਕਤੀ ਵਿੱਚ ਦਖਲਅੰਦਾਜ਼ੀ ਹੈ, ਜਿਸ ਤਹਿਤ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਨੂੰ ਤਖ਼ਤ ਪਟਨਾ ਸਾਹਿਬ ਦੀ ਮਾਣ-ਮਰਿਆਦਾ ,ਪਰੰਪਰਾ ਅਤੇ ਪ੍ਰਭੂਸੱਤਾ ਨੂੰ ਠੇਸ ਪਹੁੰਚਾਉਣ ਦਾ ਗੰਭੀਰ ਦੋਸ਼ੀ ਮੰਨਦਿਆਂ ਤਨਖਾਹੀਆ ਐਲਾਨਿਆ ਹੈ।

ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਖਲਅੰਦਾਜ਼ੀ ਕਰਨ ਅਤੇ ਸਾਜ਼ਿਸ਼ਘਾੜੇ ਵਜੋਂ ਸ਼ਾਮਲ ਹੋਣ ਦੀ ਜਾਣਕਾਰੀ ਵੀ ਮਿਲੀ ਹੈ। ਇਸ ਲਈ ਉਸ ਨੂੰ 10 ਦਿਨਾਂ ਦੇ ਅੰਦਰ-ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੁਦ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਆਦੇਸ਼ ਦੀ ਉਲੰਘਣਾ ਕਰਨ ਤੇ ਉਸ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵੀ ਆਦੇਸ਼ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਤੋ ਜਾਰੀ ਕੀਤੇ ਗਏ ਆਦੇਸ਼, ਜਿਸ ਵਿੱਚ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੂੰ ਤਲਬ ਕੀਤਾ ਗਿਆ ਹੈ, ਸਬੰਧੀ ਆਦੇਸ਼ ਤੇ ਰੋਕ ਲਾਈ ਜਾਂਦੀ ਹੈ ਅਤੇ ਇਸ ਨੂੰ ਮੰਨਣ ਤੋਂ ਸਖਤੀ ਨਾਲ ਵਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਾਰੀ ਹੁਕਮਨਾਮੇ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ਮੁਕਤ ਕਰਾਰ ਦੇਣ ਦੇ ਸ੍ਰੀ ਅਕਾਲ ਤਖ਼ਤ ਦੇ ਫ਼ੈਸਲੇ ਨੂੰ ਵੀ ਮੰਨਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਜਥੇਦਾਰ ਗੌਹਰ ਪਹਿਲਾਂ ਜਾਰੀ ਹੁਕਮਨਾਮੇ ਮੁਤਾਬਕ ਤਨਖਾਹੀਆ ਅਤੇ ਪੰਥ ਵਿੱਚੋਂ ਛੇਕੇ ਹੋਏ ਹਨ, ਉਹ ਹੁਕਮਨਾਮਾ ਲਾਗੂ ਰਹੇਗਾ।

ਇਸ ਦੌਰਾਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜਦੋਂ ਜਥੇਦਾਰ ਗੌਹਰ ਨੂੰ ਦੋਸ਼ਮੁਕਤ ਕਰਾਰ ਦਿੱਤਾ ਗਿਆ ਤਾਂ ਉਨ੍ਹਾਂ ਆਪਣੇ ਸਮਰਥਕਾਂ ਸਣੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆ ਕੇ ਜਬਰੀ ਡਿਊਟੀ ਦਾ ਕਾਰਜਭਾਰ ਸੰਭਾਲਣ ਦਾ ਯਤਨ ਕੀਤਾ ਹੈ, ਜਿਸ ਨਾਲ ਦੋਵੇਂ ਪਾਸੇ ਸਥਿਤੀ ਤਣਾਅਪੂਰਨ ਬਣ ਗਈ ਅਤੇ ਪੁਲੀਸ ਨੇ ਦਖਲਅੰਦਾਜ਼ੀ ਕਰਕੇ ਸਥਿਤੀ ਨੂੰ ਸੰਭਾਲਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਇੱਕ ਫ਼ੈਸਲੇ ਤਹਿਤ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ਮੁਕਤ ਕਰਾਰ ਦਿੱਤਾ ਗਿਆ ਸੀ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਦੇਵ ਸਿੰਘ ਅਤੇ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀਆਂ ਸੇਵਾਵਾਂ ’ਤੇ ਰੋਕ ਲਾਈ ਗਈ ਸੀ। ਉਨ੍ਹਾਂ ਸਬੰਧੀ ਇੱਕ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਹੇਠ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਦੇ ਆਦੇਸ਼ ਦਿੱਤੇ ਗਏ ਸਨ।

Advertisement
Tags :
Author Image

Charanjeet Channi

View all posts

Advertisement