ਨਵੇਂ ਐੱਸਐੱਸਪੀ ਵੱਲੋਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮੋਗਾ, 26 ਸਤੰਬਰ
ਇਥੇ ਨਵੇਂ ਐੱਸਐੱਸਪੀ ਅਜੇ ਗਾਂਧੀ ਨੇ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ, ਥਾਣਾ ਤੇ ਚੌਕੀ ਮੁਖੀਆਂ ਨਾਲ ਮੀਟਿੰਗ ਕਰਕੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਣ ਅਤੇ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਚੋਣਾਂ ’ਚ ਕੋਤਾਹੀ ਜਾਂ ਪੱਖਪਾਤੀ ਰਵੱਈਆ ਬਰਦਾਸ਼ਤ ਨਹੀਂ ਹੋਵੇਗਾ।
ਐੱਸਐੱਸਪੀ ਅਜੇ ਗਾਂਧੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸ਼ਾਂਤੀ-ਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਨਸ਼ਿਆਂ ਦੀ ਤਸਕਰੀ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਣ ਦੇ ਹੁਕਮ ਦਿੱਤੇ।
ਉਨ੍ਹਾਂ ਕਿਹਾ ‘ਜਦ ਤੱਕ ਅਸੀਂ ਨਸ਼ਿਆਂ ਦੀ ਸਮੱਸਿਆ ਨੂੰ ਜ਼ਮੀਨੀ ਪੱਧਰ ’ਤੇ ਸਪਲਾਈ ਚੇਨ ਤੋੜ ਕੇ ਹੱਲ ਨਹੀਂ ਕਰਦੇ ਓਨਾ ਚਿਰ ਇਸ ਮੁਸ਼ਕਿਲ ਦਾ ਪੱਕਾ ਹੱਲ ਨਹੀਂ ਹੋ ਸਕਦਾ।’ ਉਨ੍ਹਾਂ ਅਧਿਕਾਰੀਆਂ ਨੂੰ ਨਸ਼ਾਖੋਰੀ ਰੋਕਣ ਲਈ ਸਾਰਥਕ ਨਤੀਜੇ ਸਾਹਮਣੇ ਲਿਆਂਉਣ ਦੀਆਂ ਹਦਾਇਤਾਂ ਦਿੰਦੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਸ ਖੇਤਰ ਵਿੱਚ ਸਰਗਰਮ ਗੈਂਗਸਟਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗੈਂਗਸਟਰਾਂ ਤੇ ਭਗੌੜੇ ਮੁਲਜ਼ਮਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਸੁੱਟਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਡਰੱਗ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਐੱਨਡੀਪੀਐੱਸ ਦੀ ਧਾਰਾ 68 ਐੱਫ. ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।