ਨਵੇਂ ਬਣੇ ਕੈਬਨਿਟ ਮੰਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਸਤੰਬਰ
ਨਵੇਂ ਬਣੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮਹਿੰਦਰ ਭਗਤ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ। ਦੋਵਾਂ ਮੰਤਰੀਆਂ ਨੂੰ ਪਹਿਲੀ ਵਾਰ ਅੰਮ੍ਰਿਤਸਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਮੱਥਾ ਟੇਕਣ ਉਪੰਰਤ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਦਿੱਤੀ ਹੋਈ ਨਵੀਂ ਜ਼ਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਡੀਐੱਮ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਜਗਸ਼ੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮਗਰੋਂ ਕੈਬਨਿਟ ਮੰਤਰੀ ਭਗਤ ਵੱਲੋਂ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਉਨ੍ਹਾਂ ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ, ਰਾਮ ਤੀਰਥ ਵਿਖੇ ਦਰਸ਼ਨ ਕੀਤੇ ਤੇ ਪੰਜਾਬ ਦੇ ਭਲੇ ਲਈ ਕਾਮਨਾ ਕੀਤੀ। ਇਸ ਮੌਕੇ ਦੁਰਗਿਆਨਾ ਕਮੇਟੀ ਅਤੇ ਸ੍ਰੀ ਵਾਲਮੀਕਿ ਤੀਰਥ ਕਮੇਟੀ ਵਲੋਂ ਸਨਮਾਨਿਆ ਗਿਆ।