ਨੌਂ ਬਾਲ-ਲੇਖਕਾਂ ਦਾ ‘ਅਰਜੁਨ ਸਿੰਘ ਬਾਠ ਸ਼੍ਰੋਮਣੀ ਐਵਾਰਡ’ ਨਾਲ ਸਨਮਾਨ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 17 ਨਵੰਬਰ
ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਪੰਜਾਬੀ ਭਵਨ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੇ ਉਪਰਾਲੇ ਸਦਕਾ ਨਵੀਆਂ ਕਲਮਾਂ ਨਵੀਂ ਉਡਾਣ ਪ੍ਰਾਜੈਕਟ ਤਹਿਤ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਕਰਵਾਈ ਗਈ ਦੋ-ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਆਪਣੀਆਂ ਯਾਦਾਂ ਛੱਡਦੀ ਹੋਈ ਸਫਲਤਾ ਪੂਰਵਕ ਸੰਪੰਨ ਹੋਈ। ਇਸ ਮੌਕੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ‘ਨਵੀਆਂ ਕਲਮਾਂ ਨਵੀ ਉਡਾਣ’ ਪ੍ਰਾਜੈਕਟ ਤਹਿਤ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਪਹਿਲਾ ਮੌਕਾ ਹੈ ਕਿ ਕਿਸੇ ਸੰਸਥਾ ਵੱਲੋਂ ਬਾਲ -ਲੇਖਕਾਂ ਨੂੰ ਸਾਹਿਤ ਵੱਲ ਪ੍ਰੇਰਿਤ ਕਰਨ ਲਈ ਉਪਰਾਲਾ ਕੀਤਾ ਹੈ। ਇਸ ਮੌਕੇ ਵਰਲਡ ਕੇਅਰ ਕੈਂਸਰ ਦੇ ਵਿਸ਼ਵ ਦੂਤ ਕੁਲਵੰਤ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਰਹਿ ਕੇ ਮਿਹਨਤ ਕਰਨ ਲਈ ਪ੍ਰੇਰਿਆ। ਸ੍ਰੀ ਸੁੱਖੀ ਬਾਠ ਨੇ ਕਿਹਾ ਕਿ ਬਾਲ-ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਸਰੀ ਕੈਨੇਡਾ ਤਹਿਤ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ ਜੋ ਕਿ ਵਿਸ਼ਵ ਪੱਧਰ ’ਤੇ ਬਾਲ -ਸਾਹਿਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ ਅਤੇ ਬਾਲ- ਲੇਖਕਾਂ ਲਈ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਯੋਜਨਾਬੰਦੀ ਕਰ ਲਈ ਗਈ ਹੈ। ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ, ਪ੍ਰਾਜੈਕਟ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਅਤੇ ਰਾਜ ਕੁਮਾਰ ਮੀਡੀਆ ਕੋਆਰਡੀਨੇਟਰ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿੱਦਿਅਕ, ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬਾਲ ਸ਼੍ਰੋਮਣੀ ਐਵਾਰਡ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ, ਸਨਮਾਨ ਚਿੰਨ੍ਹ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕਾਨਫਰੰਸ ਵਿੱਚ 800 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਮਸ਼ਹੂਰ ਐਂਕਰ ਅਤੇ ਪ੍ਰਾਜੈਕਟ ਖਜ਼ਾਨਚੀ ਬਲਜੀਤ ਸ਼ਰਮਾ ਵੱਲੋਂ ਵੱਖ-ਵੱਖ ਮੁਕਾਬਲਿਆਂ ਨਾਲ ਸਬੰਧਤ ਸਟੇਜਾਂ ਦੀ ਸੰਚਾਲਨ ਆਪਣੇ ਦੇਖ -ਰੇਖ ਵਿੱਚ ਬੱਚਿਆਂ ਕੋਲੋਂ ਕਰਵਾਈ ਗਈ। ਮੀਡੀਆ ਸਲਾਹਕਾਰ ਸਤੀਸ਼ ਜੌੜਾ ਅਤੇ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਉਨ੍ਹਾਂ ਦੀ ਟੀਮ ਇਸ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪ੍ਰਾਜੈਕਟ ਟੀਮ ਦਾ ਸਾਥ ਦਿੱਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਮਾਨ , ਦਰਸ਼ਨ ਸਿੰਘ ਆਸ਼ਟ ਹਾਜ਼ਰ ਸਨ।