For the best experience, open
https://m.punjabitribuneonline.com
on your mobile browser.
Advertisement

‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

06:11 AM Dec 05, 2024 IST
‘ਨਿਸ਼ਾਨ ਏ ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲੋਕਾਂ ਨੂੰ ਸਮਰਪਿਤ ਕਰਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

* ਸ਼ਹੀਦ-ਏ-ਆਜ਼ਮ ਦੇ ਸੁਪਨੇ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ

Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਦਸੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਦਾ ਉਦਘਾਟਨ ਕੀਤਾ ਤੇ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਏਅਰਪੋਰਟ ਰੋਡ ’ਤੇ 5 ਕਰੋੜ ਦੀ ਲਾਗਤ ਵਾਲਾ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ, ਲੋਕਾਂ ਨੂੰ ਸਮਰਪਿਤ ਕੀਤਾ।
ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ’ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ। ਇਹ ਪਲਾਜ਼ਾ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ।’’ ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ, ਜਦੋਂਕਿ ਪਿਛਲੀਆਂ ਸਰਕਾਰਾਂ ਨੇ ਇਸ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਦੇ ਨਾਂ ’ਤੇ ਰੱਖਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਸਮੇਤ ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਮਹਾਨ ਸ਼ਹੀਦਾਂ ਦੇ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।

Advertisement

ਮੁੱਖ ਮੰਤਰੀ ਭਗਵੰਤ ਮਾਨ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ੇ ਦੇ ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਵਿੱਕੀ ਘਾਰੂ

ਮੁੱਖ ਮੰਤਰੀ ਨੇ ਕਿਹਾ, ‘‘ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ। ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।’’ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਤੇ ਪਾਰਟੀ ਆਗੂ ਮੌਜੂਦ ਸਨ।

ਨੌਜਵਾਨਾਂ ਨੂੰ ਰੁਜ਼ਗਾਰ ਵਾਸਤੇ ਵਿਦੇਸ਼ ਜਾਣੋਂ ਰੋਕਣ ਲਈ ਸਰਕਾਰ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਰੁਜ਼ਗਾਰ ਦੀ ਭਾਲ ਖ਼ਾਤਰ ਵਿਦੇਸ਼ ਨਾ ਜਾਵੇ ਤਾਂ ਜੋ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਵਤਨ ਵਾਪਸੀ ਦਾ ਵੀ ਆਗਾਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘‘ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫ਼ੇ ਦੀ ਮੰਗਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ।’’ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

Advertisement
Author Image

joginder kumar

View all posts

Advertisement