ਬੱਚਿਆਂ ਲਈ ਨਿਤਨੇਮ ਦੀ ਕਲਾਸ ਲਾਈ
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਨਿਤਨੇਮ ਜਮਾਤ ਲਗਾਈ ਗਈ, ਜਿਸ ਵਿੱਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਅਤੇ ਗੁਰਮਤਿ ਦਾ ਗਿਆਨ ਪ੍ਰਾਪਤ ਕੀਤਾ। ਬੱਚਿਆਂ ਲਈ ਗੁਰਮਤਿ ਕੁਇਜ਼ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਮੁਖੀ ਹਰਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦਲੀਪ ਸਿੰਘ ਸੇਠੀ, ਕਥਾਵਾਚਕ ਡਾ. ਮਨਪ੍ਰੀਤ ਸਿੰਘ ਨੇ ਵੀ ਬੱਚਿਆਂ ਨੂੰ ਸਨਮਾਨਿਤ ਕੀਤਾ| ਹਰਮਨਜੀਤ ਸਿੰਘ ਨੇ ਕਿਹਾ ਕਿ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦਾ ਉਪਰਾਲਾ ਬਹੁਤ ਵਧੀਆ ਹੈ। ਇਸ ਰਾਹੀਂ ਛੋਟੇ-ਛੋਟੇ ਬੱਚੇ ਗੁਰਬਾਣੀ ਕੀਰਤਨ ਸਿੱਖ ਰਹੇ ਹਨ। ਬੱਚੇ ਨਿਤਨੇਮ ਦੀ ਬਾਣੀ ਦਾ ਪਾਠ ਸਿੱਖ ਰਹੇ ਹਨ, ਜੋ ਬਾਅਦ ਵਿੱਚ ਉਨ੍ਹਾਂ ਦੇ ਜੀਵਨ ਵਿੱਚ ਬਹੁਤ ਲਾਭਦਾਇਕ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਬਹੁਤ ਸਾਰੇ ਲੋਕ ਹਨ, ਜਿਨ੍ਹਾਂ ਨੇ ਇਸ ਤੋਂ ਸਿੱਖਿਆ ਹੈ ਅਤੇ ਅੱਜ ਉਹ ਆ ਕੇ ਬੱਚਿਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਏ ਜਾਣੇ ਚਾਹੀਦੇ ਹਨ। ਇਸ ਮੌਕੇ ਪ੍ਰਬੰਧਕਾਂ ਨੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।