ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿੱਤਰੇ ਰੰਧਾਵਾ
ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 17 ਅਕਤੂਬਰ
ਇੱਥੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ, ਵਿਰਸਾ ਸਿੰਘ ਵਲਟੋਹਾ ਅਤੇ ਅਕਾਲੀ ਦਲ ਦੇ ਸੋਸ਼ਲ ਮੀਡੀਆ ਆਈਟੀ ਵਿੰਗ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਲਿਖਿਆ ਕਿ ਪਿਛਲੇ ਇੱਕ ਦੋ ਦਿਨਾਂ ਤੋਂ ਸਿੱਖਾਂ ਦੀ ਸਰਵਉੱਚ ਸੰਸਥਾ ਅਕਾਲ ਤਖ਼ਤ ਸਾਹਿਬ ਤੇ ਹੋਰਨਾਂ ਤਖ਼ਤ ਸਹਿਬਾਨ ਤੇ ਉਸ ਦੇ ਸਤਿਕਾਰਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜੋ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ, ਉਹ ਹਰੇਕ ਸਿੱਖ ਨੂੰ ਪੀੜ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਅਨੁਸਾਰ ਕਾਨੂੰਨੀ ਤੌਰ ’ਤੇ ਬਣਦੀਆਂ ਧਾਰਾਵਾਂ ਤਹਿਤ ਵਿਰਸਾ ਸਿੰੰਘ ਵਲਟੋਹਾ, ਅਕਾਲੀ ਦਲ ਦੇ ਆਈਟੀ ਵਿੰਗ ਅਤੇ ਅਕਾਲੀ ਦਲ ਦੇ ਪ੍ਰਧਾਨ ਵਿਰੁੱਧ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਜਥੇਦਾਰ ਵਿਰੁੱਧ ਜਾਤੀ ਸੂਚਕ ਵਰਤਣ ਦੀ ਜਿੱਥੇ ਨਿੰਦਾ ਕੀਤੀ, ਉਥੇ ਉਨ੍ਹਾਂ ਦੀਆਂ ਧੀਆਂ ਬਾਰੇ ਮਾੜੇ ਸ਼ਬਦ ਬੋਲਣ ਨੂੰ ਮੰਦਭਾਗਾ ਕਰਾਰ ਦੱਸਿਆ। ਉਨ੍ਹਾਂ ਡੀਜੀਪੀ ਨੂੰ ਮੁਖਾਤਬ ਹੁੰਦਿਆਂ ਆਖਿਆ ਕਿ ਉਹ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਦਰਜਾ ਬਾ ਦਰਜਾ ਆਗੂਆਂ ਵਿਰੁੱਧ ਬਣਦੀ ਕਾਰਵਾਈ ਕਰਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਕੱਲ੍ਹ ਵਾਪਰੀ ਘਟਨਾ ਮਗਰੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮਗਰੋਂ ਪੰਥਕ ਅਤੇ ਕਈ ਰਾਜਸੀ ਆਗੂ ਜਥੇਦਾਰ ਦੇ ਹੱਕ ਵਿੱਚ ਆ ਗਏ ਸਨ।