ਸਮਰਥਕਾਂ ਸਣੇ ਐੱਸਡੀਐੱਮ ਦਫ਼ਤਰ ਪੁੱਜੇ ਐਨਕੇ ਸ਼ਰਮਾ
ਹਰਜੀਤ ਸਿੰਘ
ਡੇਰਾਬਸੀ, 13 ਅਕਤੂਬਰ
ਪੰਚਾਇਤੀ ਚੋਣਾਂ ਦੇ ਮੁੱਦਿਆਂ ਬਾਰੇ ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਆਪਣੇ ਸਮਰਥਕਾਂ ਨਾਲ ਐੱਸਡੀਐੱਮ ਦਫ਼ਤਰ ਪੁੱਜੇ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਸਬੰਧ ’ਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ’ਤੇ ਸੁਣਵਾਈ ਚੱਲ ਰਹੀ ਹੈ। ਹਲਕੇ ਦੇ 20 ਪੰਚਾਂ ਅਤੇ ਸਰਪੰਚਾਂ ਦੀਆਂ ਚੋਣਾਂ ’ਤੇ ਰੋਕ ਲੱਗੀ ਹੋਈ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਚੋਣ ਦੌਰਾਨ ਵੱਡੇ ਪੱਧਰ ’ਤੇ ਧਾਂਦਲੀ ਦਾ ਸ਼ੱਕ ਹੈ। ਪੰਚਾਇਤੀ ਚੋਣਾਂ ਦੌਰਾਨ ਪ੍ਰਜਾਈਡਿੰਗ ਅਤੇ ਰਿਟਰਨਿੰਗ ਅਫ਼ਸਰ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸੱਤਾਧਿਰ ਦੇ ਇਸ਼ਾਰੇ ’ਤੇ ਅਫ਼ਸਰਾਂ ਨੇ ਉਨ੍ਹਾਂ ਦੇ ਸਮਰਥਕਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਸਬੰਧਤ ਅਧਿਕਾਰੀਆਂ ਨੂੰ ਅਦਾਲਤ ਵਿੱਚ ਲਿਜਾਣ ਤੋਂ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਡੇਰਾਬਸੀ ਹਲਕੇ ਵਿੱਚ ਚੋਣ ਅਮਲਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਕਥਿਤ ਗ਼ੁਲਾਮ ਬਣ ਕੇ ਕੰਮ ਕਰ ਰਹੇ ਹਨ। ਵਿਰੋਧੀ ਉਮੀਦਵਾਰਾਂ ਨੂੰ ਸ਼ਰ੍ਹੇਆਮ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਲੜਨ ਵਾਲਾ ਕੋਈ ਵੀ ਉਮੀਦਵਾਰ ਆਪਣੇ ਤੌਰ ’ਤੇ ਵੀਡੀਓਗ੍ਰਾਫੀ ਕਰਵਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸਰਕਲ ਜਥੇਦਾਰ ਰਾਜਿੰਦਰ ਸਿੰਘ ਈਸਾਪੁਰ, ਦਿਲਵਾਰ ਸਿੰਘ ਚਡਿਆਲਾ, ਸ਼ਿਵਦੇਵ ਕੁਰਲੀ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।