ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ: ਹਰਭਜਨ ਈਟੀਓ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੁਲਾਈ
ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਵਧਾਨ ਰਹਿਣ ਦੀ ਲੋੜ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਐਸ.ਐਸ.ਪੀ. ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸਮੇਤ ਸਾਰੇ ਐਸ.ਡੀ.ਐਮ ਅਤੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਤੇ ਦਨਿ ਉਨ੍ਹਾਂ ਅਤੇ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ ਅਤੇ ਸਾਰੇ ਵਿਧਾਇਕਾਂ ਨੇ ਜਿਲ੍ਹੇ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ। ਕੁੱਝ ਇਕ ਥਾਵਾਂ ਜਨਿ੍ਹਾਂ ਵਿੱਚ ਪਿੰਡ ਤਾਰਾਗੜ੍ਹ, ਧਰਦਿਓਂ, ਮਹਿਸਮਪੁਰਾ, ਖਿਲਚੀਆਂ, ਦਸ਼ਮੇਸ਼ ਨਗਰ, ਤਿੰਮੋਵਾਲ, ਮਾਲੋਵਾਲ, ਘੋਨੇਵਾਲ, ਭਿੰਡੀਸੈਂਦਾਂ, ਦਰਿਆ ਮੂਸਾ, ਨਵਾਂ ਪਿੰਡ ਆਦਿ ਸ਼ਾਮਲ ਹਨ , ਵਿਚ ਕੁਝ ਇਕ ਥਾਵਾਂ ’ਤੇ ਪਾਣੀ ਰੁਕਣ ਦੀ ਸਮੱਸਿਆ ਸੀ, ਜਿਸ ਨੂੰ ਹਲ ਕਰਵਾ ਲਿਆ ਹੈ। ਉਨਾਂ ਦੱਸਿਆ ਕਿ ਰਾਵੀ ਦਰਿਆ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਦਰਿਆ ਸਤਲੁਜ ਜੋ ਕਿ ਬਿਆਸ ਨੇੜਿਓਂ ਲੰਘਦਾ ਹੈ, ਵਿਚ ਵੀ ਪਾਣੀ ਦਾ ਕੋਈ ਖਤਰਾ ਨਹੀਂ ਹੈ। ਦਰਿਆਵਾਂ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਾ ਦਿੱਤੀਆਂ ਹਨ।